ਇਸਲਾਮਾਬਾਦ : ਪਾਕਿਸਤਾਨ (Pakistan) ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ‘ਚ ਪਿਛਲੇ ਤਿੰਨ ਦਿਨਾਂ ‘ਚ ਗਰਮੀ ਦੀ ਲਹਿਰ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਬਚਾਅ ਦਲ ਅਤੇ ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਡਾਕਟਰਾਂ ਨੇ ਦੱਸਿਆ ਕਿ ਅੱਤ ਦੀ ਗਰਮੀ ਕਾਰਨ ਕਈ ਮਰੀਜ਼ਾਂ ਨੂੰ ਪਾਣੀ ਦੀ ਕਮੀ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

ਸਥਾਨਕ ਮੀਡੀਆ ਨੇ ਹਸਪਤਾਲ ਦੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਪਹਿਲਾਂ ਹੀ ਦਿਲ ਦੀ ਬੀਮਾਰੀ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਪੀੜਤ ਕੁਝ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਰੱਖਿਆ ਜਾ ਰਿਹਾ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਪਿਛਲੇ ਤਿੰਨ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਦਾ ਮੁੱਖ ਕਾਰਨ ਸ਼ਹਿਰ ‘ਚ ਸਮੁੰਦਰੀ ਹਵਾਵਾਂ ਦਾ ਰੁਕਣਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਬੀਤੀ ਸ਼ਾਮ ਨੂੰ ਕਰਾਚੀ ਵਿੱਚ ਫਿਰ ਤੋਂ ਸਮੁੰਦਰੀ ਹਵਾਵਾਂ ਚੱਲਣਗੀਆਂ, ਜਿਸ ਨਾਲ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ।

Leave a Reply