ਲਾਹੌਰ : ਭਾਰਤ ਦੇ ਸ਼ਹੀਦ ‘ਸ਼ਹੀਦ-ਏ-ਆਜ਼ਮ’ ਭਗਤ ਸਿੰਘ (Shaheed-e-Azam’ Bhagat Singh) ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਮਹਾਨ ਕ੍ਰਾਂਤੀਕਾਰੀ, ਆਜ਼ਾਦੀ ਘੁਲਾਟੀਏ ਅਤੇ ਸ਼ਹੀਦ ਨਹੀਂ, ਸਗੋਂ ‘ਅੱਤਵਾਦੀ’ ਮੰਨਦੀ ਹੈ। ਇਸ ਲਈ ਸੂਬਾ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਲਾਹੌਰ ਸ਼ਹਿਰ ਦੇ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਾਉਣ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਕਦਮ ਇਸਲਾਮਿਕ ਕੱਟੜਪੰਥੀ ਵਿਚਾਰਾਂ ਵਾਲੇ ਸੇਵਾਮੁਕਤ ਫੌਜੀ ਅਧਿਕਾਰੀ ਦੀ ਰਾਏ ਤੋਂ ਬਾਅਦ ਚੁੱਕਿਆ ਹੈ। ਭਗਤ ਸਿੰਘ ਨੂੰ ਉਸ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ 23 ਸਾਲ ਦੀ ਉਮਰ ਵਿੱਚ 23 ਮਾਰਚ 1931 ਨੂੰ ਲਾਹੌਰ ਦੇ ਇਸੇ ਸ਼ਾਦਮਾਨ ਚੌਕ ਵਿੱਚ ਬ੍ਰਿਿਟਸ਼ ਸ਼ਾਸਕਾਂ ਨੇ ਫਾਂਸੀ ਦੇ ਦਿੱਤੀ ਸੀ।
ਬੁੱਤ ਲਗਾਉਣ ਦਾ ਪ੍ਰਸਤਾਵ ਰੱਦ
ਉਨ੍ਹਾਂ ‘ਤੇ ਬਸਤੀਵਾਦੀ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਅਤੇ ਬ੍ਰਿਟਿਸ਼ ਪੁਲਿਸ ਅਧਿਕਾਰੀ ਜੌਹਨ ਪੀ ਸਾਂਡਰਸ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਲਾਹੌਰ ਹਾਈ ਕੋਰਟ ਵਿੱਚ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਵੱਲੋਂ ਦਾਇਰ ਮਾਣਹਾਨੀ ਪਟੀਸ਼ਨ ’ਤੇ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਤਰਫ਼ੋਂ ਸਹਾਇਕ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਸ਼ੁੱਕਰਵਾਰ ਨੂੰ ਜਵਾਬ ਦਾਖ਼ਲ ਕਰਦੇ ਹੋਏ ਕਿਹਾ ਕਿ ਲਾਹੌਰ ਸ਼ਹਿਰ ਦੀ ਜ਼ਿਲ੍ਹਾ ਸਰਕਾਰ ਦਾ ਸ਼ਾਦਮਾਨ ਚੌਕ ਦਾ ਨਾਂ ਬਦਲ ਕੇ ਭਗਤ ਸਿੰਘ ਦੇ ਨਾਂ ‘ਤੇ ਰੱਖਣ ਅਤੇ ਉਨ੍ਹਾਂ ਦਾ ਬੁੱਤ ਲਗਾਉਣ ਦੀ ਯੋਜਨਾ ਨੂੰ ਕਮੋਡੋਰ (ਸੇਵਾਮੁਕਤ) ਤਾਰਿਕ ਮਜੀਦ ਦੁਆਰਾ ਪੇਸ਼ ਕੀਤੀਆਂ ਟਿੱਪਣੀਆਂ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਗਿਆ ਹੈ।’
‘ਭਗਤ ਸਿੰਘ ਕ੍ਰਾਂਤੀਕਾਰੀ ਨਹੀਂ ਸੀ, ਅਪਰਾਧੀ ਸੀ’
ਪੰਜਾਬ ਸਰਕਾਰ ਵੱਲੋਂ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਬਣਾਈ ਗਈ ਨਾਮਕਰਨ ਕਮੇਟੀ ਦੇ ਮੈਂਬਰ ਕਮੋਡੋਰ (ਸੇਵਾਮੁਕਤ) ਤਾਰਿਕ ਮਜੀਦ ਨੇ ਆਪਣੀਆਂ ਟਿੱਪਣੀਆਂ ਵਿੱਚ ਦਾਅਵਾ ਕੀਤਾ ਕਿ ਭਗਤ ਸਿੰਘ ਕ੍ਰਾਂਤੀਕਾਰੀ ਨਹੀਂ ਸਗੋਂ ਇੱਕ ਅਪਰਾਧੀ ਸੀ। ਅੱਜ ਦੀ ਪਰਿਭਾਸ਼ਾ ਵਿੱਚ ਉਹ ਇੱਕ ‘ਅੱਤਵਾਦੀ’ ਸੀ ਜਿਸਨੇ ਇੱਕ ਬ੍ਰਿਟਿਸ਼ ਪੁਲਿਸ ਅਫ਼ਸਰ ਦਾ ਕਤਲ ਕੀਤਾ ਸੀ ਅਤੇ ਇਸ ਜੁਰਮ ਲਈ ਉਸਨੂੰ ਦੋ ਸਾਥੀਆਂ ਸਮੇਤ ਫਾਂਸੀ ਦਿੱਤੀ ਗਈ ਸੀ। ਮਜੀਦ ਨੇ ਐਨ.ਜੀ.ਓ. ‘ਤੇ ਭਗਤ ਸਿੰਘ ਨੂੰ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਵਜੋਂ ਪੇਸ਼ ਕਰਨ ਲਈ ‘ਜਾਅਲੀ ਪ੍ਰਚਾਰ’ ਚਲਾ ਕੇ ਇੱਕ ਭਿਆਨਕ ਯੋਜਨਾ ਬਣਾਉਣ ਦਾ ਵੀ ਦੋਸ਼ ਲਗਾਇਆ।
ਅਦਾਲਤ ਦਾ ਹੁਕਮ ਅਜੇ ਲਾਗੂ ਨਹੀਂ ਹੋਇਆ
ਉਨ੍ਹਾਂ ਦਾਅਵਾ ਕੀਤਾ ਕਿ ਭਗਤ ਸਿੰਘ ਦੀ ਉਪ ਮਹਾਂਦੀਪ ਦੀ ਆਜ਼ਾਦੀ ਦੀ ਲੜਾਈ ਵਿੱਚ ਕੋਈ ਭੂਮਿਕਾ ਨਹੀਂ ਸੀ। ਮਜੀਦ ਦਾ ਕਹਿਣਾ ਹੈ ਕਿ ਭਗਤ ਸਿੰਘ ਮੁਸਲਮਾਨਾਂ ਦੇ ਵਿਰੋਧੀ ਧਾਰਮਿਕ ਆਗੂਆਂ ਤੋਂ ਪ੍ਰਭਾਵਿਤ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਾਹਿਦ ਜਮੀਲ ਖਾਨ ਨੇ 5 ਸਤੰਬਰ 2018 ਨੂੰ ਸਬੰਧਤ ਅਧਿਕਾਰੀਆਂ ਨੂੰ ਸ਼ਾਦਮਾਨ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਸਨ ਪਰ ਅਦਾਲਤ ਦੇ ਹੁਕਮਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਭਗਤ ਸਿੰਘ ਫਾਊਂਡੇਸ਼ਨ ਸੇਵਾਮੁਕਤ ਕਮੋਡੋਰ ਮਜੀਦ ਨੂੰ ਕਾਨੂੰਨ ਨੋਟਿਸ ਭੇਜੇਗੀ।