ਲੁਧਿਆਣਾ : ਥਾਣਾ ਸਾਹਨੇਵਾਲ (Sahnewal police station) ਦੀ ਪੁਲਿਸ ਨੇ ਪਿੰਡ ਦੇ ਸਾਬਕਾ ਸਰਪੰਚ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਕੁਝ ਸਮਾਂ ਪਹਿਲਾਂ ਲੁਧਿਆਣਾ ਲੋਕ ਸਭਾ ਦੀ ਚੋਣ ਵੀ ਲੜ ਚੁੱਕਾ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚਲਦੇ ਦੇ ਕੁਝ ਵਿਅਕਤੀਆਂ ਨੇ ਪਿੰਡ ਉਮੇਦਪੁਰ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਸਰਪੰਚ ਨੂੰ ਜ਼ਖ਼ਮੀ ਹਾਲਤ ਵਿੱਚ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਸ ਘਟਨਾ ਸਬੰਧੀ ਸਾਬਕਾ ਸਰਪੰਚ ਅਮਨਦੀਪ ਸਿੰਘ ਨੇ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾ ਕੇ ਪੈਦਲ ਵਾਪਸ ਘਰ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਸੰਪੂਰਨ ਦਾਸ ਦੇ ਘਰ ਨੇੜੇ ਪਹੁੰਚਿਆ ਤਾਂ ਅਸ਼ੋਕ ਕੁਮਾਰ, ਰਾਜੇਸ਼ ਕੁਮਾਰ, ਰੁਤਵੀਰ ਸਿੰਘ, ਗੁਰਪ੍ਰੀਤ ਸਿੰਘ, ਸ਼ੁਭਮ ਉਰਫ਼ ਸ਼ੁਭ ਅਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਪਿੱਛੇ ਤੋਂ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਜਦੋਂ ਉਸ ਨੇ ਰੌਲਾ ਪਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੁੰਦੇ ਦੇਖ ਉਹ ਮੌਕੇ ਤੋਂ ਭੱਜ ਗਏ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਇਸ ਸਬੰਧੀ ਜਦੋਂ ਥਾਣਾ ਸਾਹਨੇਵਾਲ ਦੇ ਤਫਤੀਸ਼ੀ ਅਫਸਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਛਾਪੇਮਾਰੀ ਕਰ ਰਹੀ ਹੈ।