ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੰਚ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ ਹਨ। ਇਹ ਵੀ ਕਿਹਾ ਗਿਆ ਹੈ ਕਿ ਵਲਟੋਹਾ ਨੂੰ 10 ਸਾਲਾਂ ਲਈ ਮੁੜ ਪਾਰਟੀ ਵਿੱਚ ਸ਼ਾਮਲ ਨਾ ਕੀਤਾ ਜਾਵੇ। ਹੁਕਮ ਜਾਰੀ ਕਰਦਿਆਂ ਸਿੰਘ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਮੁਆਫ਼ੀ ਵੀ ਮੰਗੀ ਸੀ ਪਰ ਵਲਟੋਹਾ ਦੀਆਂ ਗਲਤੀਆਂ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਮੀਡੀਆ ਵਿੱਚ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਬਾਰੇ ਜੋ ਕੁਝ ਕਿਹਾ ਗਿਆ ਸੀ, ਉਸ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਸੀ। ਦੱਸ ਦੇਈਏ ਕਿ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ‘ਤੇ ਆਰ.ਐਸ.ਐਸ ਅਤੇ ਭਾਜਪਾ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਸੀ। ਸਪੱਸ਼ਟੀਕਰਨ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਸੀ ਕਿ ਹਰ ਵਿਅਕਤੀ ਨੂੰ ਬੋਲਣ ਸਮੇਂ ਸ਼ਬਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਅਤੇ ਜਥੇਦਾਰ ਸਤਿਕਾਰਯੋਗ ਹਨ। ਵਲਟੋਹਾ ਨੇ ਕਿਹਾ ਕਿ ਉਹ ਪੰਚ ਸਿੰਘ ਸਾਹਿਬ ਨੂੰ ਲਿਖਤੀ ਸਪੱਸ਼ਟੀਕਰਨ ਦੇ ਚੁੱਕੇ ਹਨ ਅਤੇ ਜਥੇਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦੇ ਚੁੱਕੇ ਹਨ।

Leave a Reply