ਪੰਜਾਬ : ਪੰਜਾਬ ਪੁਲਿਸ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਲਈ ਕਾਫ਼ੀ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਨਸ਼ੇ ਦਾ ਸ਼ਿਕਾਰ ਹੋ ਕੇ ਆਪਣੀ ਜ਼ਿੰਦਗੀ ਤਬਾਹ ਕਰ ਰਹੇ ਹਨ, ਇਸ ਕਾਰਨ ਉਹ ਨਾ ਸਿਰਫ਼ ਆਪਣੇ ਲਈ ਸਗੋਂ ਆਪਣੇ ਪਰਿਵਾਰਾਂ ਲਈ ਵੀ ਸਮੱਸਿਆਵਾਂ ਪੈਦਾ ਕਰ ਰਹੇ ਹਨ। ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਕਮਰ ਤੋੜਨ ਲਈ ਲਗਾਤਾਰ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਸਬੰਧ ਵਿੱਚ ਪੰਜਾਬ ਪੁਲਿਸ ਨੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਐਕਸ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਨਸ਼ਾ ਛੱਡਣ ਦਾ ਸੰਦੇਸ਼ ਦੇ ਰਹੇ ਹਨ। ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ਕਰ ਰਿਹਾ ਹੈ, ਇਸ ਨੂੰ ਕਾਬੂ ਕਰਨਾ ਬਹੁਤ ਜ਼ਰੂਰੀ ਹੈ, ਜਿਸ ਦੇ ਸਬੰਧ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਚਲਾਈ ਜਾ ਰਹੀ ਹੈ। ਵੀਡੀਓ ਦੇ ਅੰਤ ਵਿੱਚ ਉਹ ਸਮੂਹ ਪੰਜਾਬੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰ ਰਹੇ ਹਨ।

ਡੀ.ਜੀ. ਪੀ ਗੌਰਵ ਯਾਦਵ ਨੇ ਇਸ ਕਦਮ ਲਈ ਗੁਰਦਾਸ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਸਾਂਝੇ ਯਤਨਾਂ ਨਾਲ ਹੀ ਅਸੀਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਕਾਮਯਾਬ ਹੋਵਾਂਗੇ।

Leave a Reply