ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਗਾ ਤਹਿਸੀਲ ਧਰਮਕੋਟ ‘ਚ ਪੈਂਦੇ ਪਿੰਡ ਕਿਸ਼ਨਪੁਰਾ ਕਲਾਂ ‘ਚ ਚੋਣ ਪ੍ਰਕਿਰਿਆ ‘ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਵੇਗੀ।
ਦੱਸ ਦੇਈਏ ਕਿ ਇਸ ਪਿੰਡ ਤੋਂ ਸਰਪੰਚ ਦੀ ਚੋਣ ਲੜਨ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਜ ਚੋਣ ਕਮਿਸ਼ਨ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਦੱਸਿਆ ਕਿ ਉਸ ਨੇ ਕਿਸ਼ਨਪੁਰਾ ਕਲਾਂ ਤੋਂ ਸਰਪੰਚ ਲਈ ਕਾਗਜ਼ ਦਾਖ਼ਲ ਕੀਤੇ ਸਨ। ਰਸੀਦ ਨਾ ਮਿਲਣ ’ਤੇ ਜਦੋਂ ਸਬੰਧਤ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਉਸ ਨੂੰ ਰਸੀਦ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਸ ਦੇ ਕਾਗਜ਼ ਗੁੰਮ ਹੋ ਗਏ ਹਨ।
ਇਸ ਨੂੰ ਸੰਵਿਧਾਨ ਦੀ ਉਲੰਘਣਾ ਦੱਸਦਿਆਂ ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਗ੍ਰਾਮ ਪੰਚਾਇਤ ਵਿੱਚ ਸਰਪੰਚ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਦੇ ਡੀ.ਏ.ਜੀ ਨੂੰ ਨੋਟਿਸ ਦੇ ਕੇ 11 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਦੋਂ ਤੱਕ ਇਸ ਪਿੰਡ ਵਿੱਚ ਚੋਣ ਪ੍ਰਕਿਰਿਆ ’ਤੇ ਪਾਬੰਦੀ ਲੱਗੀ ਹੋਈ ਹੈ।