ਪੰਜਾਬ ਦੀ ਇਸ ਜ਼ੇਲ੍ਹ ‘ਚੋਂ ਇੱਕ ਵਾਰ ਮੁੜ ਇਹ ਅਵੈਧ ਸਾਮਾਨ ਹੋਇਆ ਬਰਾਮਦ
By admin / April 29, 2024 / No Comments / Punjabi News
ਤਰਨਤਾਰਨ : ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ (Sri Goindwal Sahib) ਆਏ ਦਿਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਦੀ ਇੱਕ ਹੋਰ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਅੰਦਰੋਂ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇੱਕ ਵਿਅਕਤੀ ਦਾ ਨਾਮ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸ੍ਰੀ ਕੁਲਜੀਤ ਸਿੰਘ ਅਤੇ ਹਰੀਸ਼ ਕੁਮਾਰ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਮੁਹਿੰਮ ਦੌਰਾਨ 11 ਮੋਬਾਈਲ ਫ਼ੋਨ, 2 ਡਾਟਾ ਕੇਬਲ, 3 ਅਡਾਪਟਰ, 99 ਬੰਡਲ ਬੀੜੀਆਂ, 3 ਸਿਗਰਟਾਂ ਦੇ ਡੱਬੇ, 40 ਤੰਬਾਕੂ ਦੇ ਬੰਡਲ ਬਰਾਮਦ ਕੀਤੇ ਗਏ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਾਰੀ ਜਾਣਕਾਰੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸੰਦੀਪ ਸਿੰਘ ਪੁੱਤਰ ਹਰੀ ਸਿੰਘ ਵਾਸੀ ਮੁਰਾਦਪੁਰ ਤਰਨਤਾਰਨ ਨਾਮ ਦੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।