ਪੰਜਾਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ 3 ਸਾਲਾਂ ਬਾਅਦ ਮੁੜ ਸੂਬੇ ਦੀ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਪੁੱਜੇ। ਫਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ, ਮਿੱਲ ਮਾਲਕਾਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੇਂਦਰ ਸਰਕਾਰ ਤੱਕ ਪਹੁੰਚ ਕਰਨਗੇ ਅਤੇ ਜੋ ਵੀ ਸਮੱਸਿਆਵਾਂ ਪੈਦਾ ਹੋਣਗੀਆਂ ਉਨ੍ਹਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਇਸ ਸਮੇਂ ਵਿਦੇਸ਼ ਵਿੱਚ ਹਨ, ਜਦੋਂ ਉਹ ਵਾਪਸ ਆਉਣਗੇ ਤਾਂ ਉਨ੍ਹਾਂ ਨੂੰ ਮਿਲ ਕੇ ਸਾਰੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਚਾਲੂ ਸੀਜ਼ਨ ਦੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ 44 ਹਜ਼ਾਰ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਜੇਕਰ ਪੰਜਾਬ ਸਰਕਾਰ ਨੂੰ ਹੋਰ ਪੈਸੇ ਦੀ ਲੋੜ ਪਈ ਤਾਂ ਅਸੀਂ ਕੇਂਦਰ ਕੋਲ ਜ਼ਰੂਰ ਜਾਵਾਂਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਇਸੇ ਲਈ ਅੱਜ ਮੈਂ ਇੱਥੇ ਆਇਆ ਹਾਂ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਨੇ ਮੇਰੇ ਸਮੇਂ ਦੌਰਾਨ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਤਾਂ ਹੁਣ ਅਜਿਹਾ ਕਿਉਂ ਕਰੇਗਾ। ਉਹ ਅਟਲ ਬਿਹਾਰੀ ਵਾਜਪਾਈ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਤਾਲਮੇਲ ਵਿੱਚ ਕੰਮ ਕਰ ਰਹੇ ਹਨ।