ਪੰਜਾਬ ਸਰਕਾਰ ਨੇ ਰਾਵੀ ਦਰਿਆ ਉੱਪਰ ਪੁਲ ਬਣਾਉਣ ਦਾ ਨੋਟੀਫ਼ਿਕੇਸ਼ਨ ਕੀਤਾ ਜਾਰੀ
By admin / February 20, 2024 / No Comments / Punjabi News
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਮਕੌੜਾ ਪੱਤਣ (Makura Pattan) ਤੋਂ ਪਾਰ ਦੇ ਪਿੰਡ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਰਾਵੀ ਦੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਵਿਖੇ ਰਾਵੀ ਦਰਿਆ ਉੱਪਰ ਬਣਾਏ ਜਾਣ ਵਾਲੇ ਪੁਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਪੁਲ ਦੀ ਉਸਾਰੀ ਨੂੰ ਲੈ ਕੇ ਜ਼ਮੀਨ ਐਕਵਾਇਰ ਅਤੇ ਹੋਰ ਜ਼ਰੂਰੀ ਕਾਰਵਾਈਆਂ ਅਰੰਭ ਹੋ ਜਾਣਗੀਆਂ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮਕੌੜਾ ਪੱਤਣ ਦਾ ਦੌਰਾ ਕਰਕੇ ਇਸ ਪੁਲ ਦੇ ਨਿਰਮਾਣ ਸਬੰਧੀ ਥਾਂ ਦਾ ਜਾਇਜ਼ਾ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਉੱਪਰ ਪੁਲ ਦੀ ਉਸਾਰੀ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫ਼ਿਕੇਸ਼ਨ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਐੱਸ.ਡੀ.ਐੱਮ. ਦੀਨਾਨਗਰ ਵੱਲੋਂ ਇਸ ਸਬੰਧੀ 60 ਦਿਨਾਂ ਦੇ ਅੰਦਰ-ਅੰਦਰ ਲੋਕਾਂ ਦੇ ਇਤਰਾਜ਼਼ ਮੰਗੇ ਜਾਣਗੇ। ਜੇਕਰ ਇਸ ਅਰਸੇ ਦੌਰਾਨ ਕੋਈ ਇਤਰਾਜ਼ ਆਉਂਦਾ ਹੈ ਤਾਂ ਉਸਨੂੰ 20 ਦਿਨਾਂ ਵਿੱਚ ਦੂਰ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਪੁਲ ਦੇ ਨਿਰਮਾਣ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਰੇਟ ਤਹਿ ਕਰਕੇ ਜ਼ਮੀਨ ਮਾਲਕਾਂ ਨੂੰ ਯੋਗ ਮੁਆਵਜ਼ਾ ਦੇ ਕੇ ਜ਼ਮੀਨ ਐਕਵਾਇਰ ਕਰ ਲਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਪੁਲ ਦੇ ਨਿਰਮਾਣ ਸਬੰਧੀ ਡਿਟੇਲਡ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕਰ ਲਈ ਗਈ ਹੈ ਅਤੇ ਉਪਰੋਕਤ ਕਾਰਵਾਈਆਂ ਪੂਰੀਆਂ ਹੋਣ ਦੇ ਤੁਰੰਤ ਬਾਅਦ ਪੁਲ ਦਾ ਟੈਂਡਰ ਲਗਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਕਾਰਵਾਈਆਂ ਨੂੰ ਤਿੰਨ ਮਹੀਨੇ ਅੰਦਰ ਪੂਰਾ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀਆਂ ਕੋਸ਼ਿਸ਼ਾਂ ਸਦਕਾ ਮਕੌੜਾ ਪੱਤਣ ਤੋਂ ਪਾਰ ਦੇ ਸਰਹੱਦੀ ਪਿੰਡਾਂ ਨੂੰ ਰਾਵੀ ਦਰਿਆ ਉੱਪਰ ਪੁਲ ਦੀ ਵੱਡੀ ਸਹੂਲਤ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਦੇਰੀ ਸਾਰੀਆਂ ਜ਼ਰੂਰੀ ਕਾਰਵਾਈਆਂ ਮੁਕੰਮਲ ਕਰਨ ਤੋਂ ਬਾਅਦ ਟੈਂਡਰ ਪ੍ਰੀਕ੍ਰਿਆ ਪੂਰੀ ਕਰਕੇ ਪੁਲ ਦੇ ਨਿਰਮਾਣ ਨੂੰ ਜਲਦ ਸ਼ੁਰੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਮਕੌੜਾ ਪੱਤਣ ਦੇ ਲੋਕਾਂ ਨੂੰ ਵਧਾਈ ਦੇਣ ਦੇ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।