ਪੰਜਾਬ : ਪੰਜਾਬ ਵਿਧਾਨ ਸਭਾ (Punjab Vidhan Sabha) ਦਾ 7ਵਾਂ ਸੈਸ਼ਨ ਸਤੰਬਰ ਮਹੀਨੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ 7ਵੇਂ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ। ਸਰਕਾਰ ਨੇ ਅਧਿਕਾਰੀਆਂ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਦਾ ਕਹਿਣਾ ਹੈ ਕਿ 7ਵੇਂ ਸੈਸ਼ਨ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਜ਼ਰੂਰੀ ਹੈ। ਸਰਕਾਰ ਮੁਤਾਬਕ ਵਿਧਾਨ ਸਭਾ ਸੈਸ਼ਨ 2 ਸਤੰਬਰ 2024 ਤੋਂ ਸ਼ੁਰੂ ਹੋਣ ਜਾ ਰਿਹਾ ਹੈ।
ਸੈਸ਼ਨ ਦੌਰਾਨ ਕਈ ਅਹਿਮ ਕੰਮ ਕੀਤੇ ਜਾਣੇ ਹਨ, ਜਿਨ੍ਹਾਂ ਦੀ ਜ਼ਿੰਮੇਵਾਰੀ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਜੇਕਰ ਕਿਸੇ ਅਧਿਕਾਰੀ ਨੂੰ ਮਜਬੂਰੀ ਕਾਰਨ ਛੁੱਟੀ ਲੈਣੀ ਪਵੇ ਤਾਂ ਉਸ ਨੂੰ ਯੋਗ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਪਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਅਧਿਕਾਰੀ ਛੁੱਟੀ ‘ਤੇ ਜਾਂਦਾ ਹੈ ਤਾਂ ਉਸ ਦੀ ਥਾਂ ‘ਤੇ ਕੰਮ ਨੂੰ ਸੰਭਾਲਣ ਲਈ ਪੂਰੇ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ। ਸਰਕਾਰ ਦੀਆਂ ਇਹ ਹਦਾਇਤਾਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ‘ਤੇ ਲਾਗੂ ਹੁੰਦੀਆਂ ਹਨ।