ਅੰਮ੍ਰਿਤਸਰ : ਬਾਲੀਵੁੱਡ ਫਿਲਮ ਐਮਰਜੈਂਸੀ (Bollywood film emergency) ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ-ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਐਸ.ਜੀ.ਪੀ.ਸੀ. ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਐਸ.ਜੀ.ਪੀ.ਸੀ. ਮੈਂਬਰ ਨੇ ਕਿਹਾ ਕਿ ਫਿਲਮ ਐਮਰਜੈਂਸੀ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੇ ਨਾਲ ਹੀ ਫਿਲਮ ‘ਚ ਮੁੱਖ ਭੂਮਿਕਾ ਨਿਭਾਉਣ ਵਾਲੀ ਕੰਗਨਾ ਰਣੌਤ ਪਹਿਲਾਂ ਵੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਇਸ ਫਿਲਮ ‘ਚ ਇਕ ਗਲਤ ਤਸਵੀਰ ਪੇਸ਼ ਕੀਤੀ ਗਈ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਈ ਜਾਵੇ ਅਤੇ ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਵੇ ਤਾਂ ਜੋ ਇਸ ਫਿਲਮ ਬਾਰੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੰਗਨਾ ਰਣੌਤ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।