ਜਲੰਧਰ : ਫਿਲੌਰ ‘ਚ ਮਸ਼ਹੂਰ ਡੇਰਾ ਮਾਈਆ ਭਗਵਾਨ ਜੀ ਦੇ ਬਿਲਕੁਲ ਨੇੜੇ ਇਕ ਇਮਾਰਤ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ‘ਤੇ ਲੁਧਿਆਣਾ, ਫਿਲੌਰ ਅਤੇ ਫਗਵਾੜਾ ਤੋਂ ਕਰੀਬ 2 ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਪਹੁੰਚੀਆਂ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਇਮਾਰਤ ‘ਚ ਅਚਾਨਕ ਅੱਗ ਲੱਗ ਗਈ, ਜਿਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ 6-7 ਘੰਟੇ ਬਾਅਦ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫਿਲਹਾਲ ਅੱਗ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ‘ਚ ਕਬਾੜ ਪਿਆ ਸੀ, ਜਿਸ ਦੇ ਬਿਲਕੁਲ ਨਾਲ ਇੰਡੀਅਨ ਆਇਲ ਦਾ ਪੈਟਰੋਲ ਪੰਪ ਹੈ। ਇਸ ਇਮਾਰਤ ਦੇ ਪਿੱਛੇ ਮਾਤਾ ਭਗਵਾਨ ਦਾ ਡੇਰਾ ਵੀ ਹੈ, ਜਿੱਥੇ ਵੱਡੀ ਗਿਣਤੀ ‘ਚ ਲੋਕ ਦਰਸ਼ਨਾਂ ਲਈ ਆਉਂਦੇ ਰਹਿੰਦੇ ਹਨ। ਖ਼ਬਰ ਲਿਖੇ ਜਾਣ ਤੱਕ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ।