ਪੰਜਾਬ : ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਲਾਰੈਂਸ ਇੱਕ ਗਲੋਬਲ ਕ੍ਰਿਮੀਨਲ ਗੈਂਗ ਚਲਾਉਂਦਾ ਹੈ।
ਅਨਮੋਲ ਬਿਸ਼ਨੋਈ ਕਈ ਹਾਈ-ਪ੍ਰੋਫਾਈਲ ਮਾਮਲਿਆਂ ਵਿੱਚ ਲੋੜੀਂਦਾ ਹੈ। ਇਨ੍ਹਾਂ ਵਿੱਚ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਪਿਛਲੇ ਮਹੀਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਕਤਲ ਅਤੇ ਇਸ ਸਾਲ ਜੂਨ ਵਿੱਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਘਰ ਦੇ ਬਾਹਰ ਗੋਲੀਬਾਰੀ ਸ਼ਾਮਲ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ, ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਉਸਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਹਵਾਲਗੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਮਹਾਰਾਸ਼ਟਰ ਦੀ ਇਕ ਵਿਸ਼ੇਸ਼ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਬਾਅਦ, ਗਲੋਬਲ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਇੰਟਰਪੋਲ ਦੁਆਰਾ ਇੱਕ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।
ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਬਿਸ਼ਨੋਈ ਇਸ ਤੋਂ ਪਹਿਲਾਂ ਫਰਜ਼ੀ ਪਾਸਪੋਰਟ ‘ਤੇ ਭਾਰਤ ਤੋਂ ਭੱਜ ਕੇ ਕੈਨੇਡਾ ਆਇਆ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਵੱਲੋਂ ਵੀ ਉਸ ਦੇ ਖ਼ਿਲਾਫ਼ ਦੋ ਮਾਮਲੇ ਦਰਜ ਹਨ। ਐਨ.ਆਈ.ਏ ਨੇ ਉਸ ਨੂੰ ਆਪਣੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦਾ ਇਨਾਮ ਰੱਖਿਆ ਸੀ।
ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਬਿਸ਼ਨੋਈ ਗੈਂਗ ਇਸ ਸਾਲ 14 ਅਪ੍ਰੈਲ ਦੀ ਰਾਤ ਨੂੰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਘਰ ‘ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ ਕਿਉਂਕਿ 1998 ਦੇ ਕਾਲੇ ਹਿਰਨ ਸ਼ਿਕਾਰ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।
ਪਿਛਲੇ ਮਹੀਨੇ ਸਲਮਾਨ ਖਾਨ ਦੇ ਕਰੀਬੀ ਮੰਨੇ ਜਾਣ ਵਾਲੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਲਈ ਬਿਸ਼ਨੋਈ ਗੈਂਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, 2022 ਵਿਚ, ਬਿਸ਼ਨੋਈ ਭਰਾਵਾਂ ਸਮੇਤ ਹੋਰਨਾਂ ‘ਤੇ ਵੀ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ‘ਅੱਤਵਾਦੀ ਕਾਰਵਾਈਆਂ’ ਲਈ ਫੰਡ ਇਕੱਠਾ ਕਰਨ ਅਤੇ ਨੌਜਵਾਨਾਂ ਦੀ ਭਰਤੀ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੋਣ ਦਾ ਦੋਸ਼ ਲਗਾਇਆ ਗਿਆ ਸੀ।