ਚੰਡੀਗੜ੍ਹ: ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Horticulture Minister Chetan Singh Jouramajra) ਨੇ ਕਿਸਾਨਾਂ ਨੂੰ ਫਲਦਾਰ ਬੂਟੇ ਲਗਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗਬਾਨੀ ਵਿਭਾਗ (The Horticulture Department) ਵੱਲੋਂ ਇਹ ਪੌਦੇ ਸਸਤੇ ਰੇਟਾਂ ‘ਤੇ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਆਪਕ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਦਾ ਮੌਸਮ ਫਲਦਾਰ ਰੁੱਖ ਲਗਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਰਵਾਇਤੀ ਕਣਕ-ਝੋਨੇ ਦੇ ਫਸਲੀ ਚੱਕਰ ਦਾ ਇੱਕ ਟਿਕਾਊ ਬਦਲ ਪ੍ਰਦਾਨ ਕਰੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਹੇਠਾਂ ਜਾ ਚੁੱਕਾ ਹੈ।

ਬਾਗਬਾਨੀ ਮੰਤਰੀ ਨੇ ਵੱਖ-ਵੱਖ ਫਲਾਂ ਵਾਲੇ ਦਰੱਖਤ ਖਾਸ ਕਰਕੇ ਅੰਬ, ਅਮਰੂਦ, ਲੀਚੀ, ਚੀਕੂ , ਨਿੰਬੂ ਜਾਮ ਦੀਆਂ ਵੱਖ-ਵੱਖ ਕਿਸਮਾਂ, ਜਾਮਣ, ਬਿੱਲ ਅਤੇ ਕਟਹਲ ਦੇ ਬੂਟੇ ਲਗਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਇਹ ਪੌਦੇ ਵਾਜਬ ਕੀਮਤਾਂ ‘ਤੇ ਉਪਲਬਧ ਹਨ ਇਸ ਦੌਰਾਨ ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ਲਿੰਦਰ ਕੌਰ ਆਈ.ਐਫ.ਐਸ. ਨੇ ਦੱਸਿਆ ਕਿ ਨਰਸਰੀਆਂ ਤੋਂ ਬੂਟੇ ਪ੍ਰਾਪਤ ਕਰਨ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਬਾਗਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਫਲਦਾਰ ਬੂਟੇ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਹੋਵੇਗੀ, ਸਗੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਸ਼ਲਿੰਦਰ ਕੌਰ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਹੋਰ ਟਿਕਾਊ ਅਤੇ ਆਰਥਿਕ ਤੌਰ ‘ਤੇ ਲਾਹੇਵੰਦ ਖੇਤੀ ਤਕਨੀਕਾਂ ਅਪਣਾਉਣ ਲਈ ਪੂਰਾ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਖੇਤੀਬਾੜੀ ਸੈਕਟਰ ਦੀ ਆਰਥਿਕ ਸਮਰੱਥਾ ਨੂੰ ਵਧਾਉਣ ਦੇ ਨਾਲ-ਨਾਲ ਵਾਤਾਵਰਣ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ।

Leave a Reply