ਢਾਕਾ : ਬੰਗਲਾਦੇਸ਼ (Bangladesh) ਵਿੱਚ ਰਾਖਵੇਂਕਰਨ ਖ਼ਿਲਾਫ਼ ਸ਼ੁਰੂ ਹੋਇਆ ਅੰਦੋਲਨ ਹੋਰ ਹਿੰਸਕ ਹੋ ਗਿਆ ਹੈ। ਬੀਤੇ ਦਿਨ ਹਜ਼ਾਰਾਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਸੜਕਾਂ ‘ਤੇ ਉਤਰ ਆਏ। ਇਸ ਦੌਰਾਨ ਕਈ ਥਾਵਾਂ ‘ਤੇ ਉਨ੍ਹਾਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪਾਂ ਹੋਈਆਂ, ਜਿਸ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਖਬਰ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨੇ ਅਸਤੀਫ਼ਾ ਦੇ ਦਿੱਤਾ ਹੈ, ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਉਹ ਫੌਜ ਦੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਭਾਰਤ ਆ ਰਹੀ ਹੈ।
ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਾਲ ਹੀ 500 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ 19 ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ। ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋ ਗਏ ਹਨ। ਰਾਜਧਾਨੀ ਢਾਕਾ ਸਮੇਤ ਦੇਸ਼ ਭਰ ਵਿੱਚ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਸਰਕਾਰ ਨੇ ਹਿੰਸਾ ‘ਤੇ ਕਾਬੂ ਪਾਉਣ ਲਈ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਹੈ। ਨਾਲ ਹੀ ਅਗਲੇ 3 ਦਿਨਾਂ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਅੱਜ ਢਾਕਾ ਵੱਲ ‘ਲੌਂਗ ਮਾਰਚ’ ਦੀ ਯੋਜਨਾ ਬਣਾਈ ਹੈ। ਪ੍ਰਦਰਸ਼ਨਕਾਰੀਆਂ ਨੇ ਆਮ ਜਨਤਾ ਨੂੰ ਅੱਜ ਢਾਕਾ ਤੱਕ ਦੇ ਲੌਂਗ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਨਾਲ ਹੀ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੰਦ ਦੌਰਾਨ ਸਿਰਫ਼ ਬਹੁਤ ਹੀ ਮਹੱਤਵਪੂਰਨ ਮਾਮਲਿਆਂ ਦੀ ਸੁਣਵਾਈ ਹੋਵੇਗੀ। ਇਸ ਦੇ ਲਈ ਚੀਫ਼ ਜਸਟਿਸ ਐਮਰਜੈਂਸੀ ਬੈਂਚ ਦਾ ਗਠਨ ਕਰਨਗੇ। ਇਸ ਤੋਂ ਇਲਾਵਾ ਨਰਸਿੰਗਦੀ ਜ਼ਿਲ੍ਹੇ ‘ਚ ਪ੍ਰਦਰਸ਼ਨਕਾਰੀਆਂ ਦੀ ਭੀੜ ਨੇ ਪੀ.ਐੱਮ ਹਸੀਨਾ ਦੀ ਪਾਰਟੀ ਅਵਾਮੀ ਲੀਗ ਦੇ 6 ਵਰਕਰਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।
ਰਿਪੋਰਟਾਂ ਦੇ ਅਨੁਸਾਰ, ਪ੍ਰਦਰਸ਼ਨਕਾਰੀਆਂ ਨੇ ਦੁਪਹਿਰ ਨੂੰ ਇੱਕ ਜਲੂਸ ਕੱਢਿਆ ਜਿਸ ਨਾਲ ਅਵਾਮੀ ਲੀਗ ਦੇ ਵਰਕਰ ਨਾਰਾਜ਼ ਹੋ ਗਏ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ 4 ਲੋਕ ਜ਼ਖਮੀ ਹੋ ਗਏ। ਇਸ ਤੋਂ ਨਾਰਾਜ਼ ਹੋ ਕੇ ਪ੍ਰਦਰਸ਼ਨਕਾਰੀਆਂ ਨੇ ਜਵਾਬੀ ਕਾਰਵਾਈ ਕੀਤੀ। ਡਰ ਦੇ ਮਾਰੇ ਅਵਾਮੀ ਲੀਗ ਦੇ ਵਰਕਰ ਇੱਕ ਮਸਜਿਦ ਵਿੱਚ ਲੁਕ ਗਏ, ਜਿੱਥੋਂ ਉਨ੍ਹਾਂ ਨੂੰ ਘਸੀਟ ਕੇ ਬਾਹਰ ਕੱਢਿਆ ਗਿਆ ਅਤੇ ਕੁੱਟਮਾਰ ਕੀਤੀ ਗਈ, ਜਿਸ ਕਾਰਨ 6 ਵਰਕਰਾਂ ਦੀ ਮੌਤ ਹੋ ਗਈ।