ਬੱਸ ‘ਚ ਸਫਰ ਕਰਨ ਵਾਲਿਆਂ ਲਈ ਖਾਸ ਖ਼ਬਰ
By admin / December 4, 2024 / No Comments / Punjabi News
ਚੰਡੀਗੜ੍ਹ : ਸੂਬੇ ਦੀ ਜਨਤਕ ਟਰਾਂਸਪੋਰਟ ਸੰਸਥਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੋ ਦੀ ਸਥਾਪਨਾ ਦੇ ਨਾਲ ਬੁਨਿਆਦੀ ਢਾਂਚੇ ਦੇ ਵਿਸਤਾਰ ਅਤੇ ਸੁਧਾਰ ਦੇ ਉਦੇਸ਼ ਨਾਲ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਇਹ ਪ੍ਰੋਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ ਬਲਕਿ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੀ ਸਿੱਧੇ ਤੌਰ ‘ਤੇ ਪੂਰਾ ਕਰੇਗਾ।
ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਵੀ ਪੁਨਰ ਵਿਕਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਨੇੜਲੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਵਿਭਾਗ ਆਪਣੇ ਫਲੀਟ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਅਤੇ KM ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਜਾ ਰਿਹਾ ਹੈ। ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਇਰਾਦਾ ਪੱਤਰ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਥਾਨਕ ਉੱਦਮੀਆਂ ਨੂੰ ਸਵੈ-ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਪੀ.ਆਰ.ਟੀ.ਸੀ ਇੱਕ ਵੱਡੇ ਸੋਲਰ ਪਲਾਂਟ ਪ੍ਰੋਜੈਕਟ ਨੂੰ ਅੰਤਿਮ ਰੂਪ ਦੇ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਮਹੱਤਵਪੂਰਨ ਸੋਲਰ ਪ੍ਰੋਜੈਕਟ ਤਹਿਤ ਮੁੱਖ ਦਫਤਰ, ਸਾਰੇ ਡਿਪੂਆਂ ਅਤੇ ਬੱਸ ਸਟੈਂਡਾਂ ‘ਤੇ ਸੋਲਰ ਨਾਲ ਲੈਸ ਸੁਵਿਧਾਵਾਂ ਲਗਾਈਆਂ ਜਾਣਗੀਆਂ। 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰੋਜੈਕਟ ਤੋਂ ਪੀ.ਆਰ.ਟੀ.ਸੀ. ਸਾਲਾਨਾ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ। ਇਸ ਪ੍ਰੋਜੈਕਟ ਦੇ ਫੰਡਾਂ ਦੀ ਵਾਪਸੀ ਦੀ ਅਨੁਮਾਨਿਤ ਮਿਆਦ 3 ਸਾਲਾਂ ਤੋਂ ਘੱਟ ਹੋਵੇਗੀ।