November 5, 2024

ਭਾਜਪਾ ਮੁੱਖ ਮੰਤਰੀ ਪ੍ਰੀਸ਼ਦ ਦੀ ਮੀਟਿੰਗ ‘ਚ ਚੋਣ ਨਤੀਜਿਆਂ ‘ਤੇ ਕੀਤੀ ਗਈ ਚਰਚਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ ਭਾਰਤੀ ਜਨਤਾ ਪਾਰਟੀ (The Bharatiya Janata Party),(ਭਾਜਪਾ) ਦੇ ਚੋਟੀ ਦੇ ਨੇਤਾਵਾਂ ਨੇ ਸ਼ਾਸਨ ਦੇ ਮੁੱਦਿਆਂ ‘ਤੇ ਲਗਾਤਾਰ ਦੂਜੇ ਦਿਨ ਅੱਜ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀਆਂ ਨੇ ਆਪੋ-ਆਪਣੇ ਰਾਜਾਂ ਵਿੱਚ ਚੱਲ ਰਹੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਬਾਰੇ ਪੇਸ਼ਕਾਰੀਆਂ ਦਿੱਤੀਆਂ। ਮੀਟਿੰਗ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਜੇ.ਪੀ ਨੱਡਾ ਨੇ ਹਿੱਸਾ ਲਿਆ। ਨੱਡਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਵੀ ਹਨ।

ਬੈਠਕ ‘ਚ ਚੰਗੇ ਸ਼ਾਸਨ ‘ਤੇ ਜ਼ੋਰ ਦਿੰਦੇ ਹੋਏ ਪੀ.ਐੱਮ ਮੋਦੀ ਨੇ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਇਕ-ਦੂਜੇ ਦੇ ਵਧੀਆ ਅਭਿਆਸਾਂ ਨੂੰ ਅਪਣਾਉਣ। ਉਨ੍ਹਾਂ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ 100 ਫੀਸਦੀ ਪੂਰਾ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕਰਨ ਦੀ ਗੱਲ ਕਹੀ। ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਦੇ ਵੱਖ-ਵੱਖ ਵਰਗਾਂ ਖਾਸ ਕਰਕੇ ਗਰੀਬਾਂ ਦੀ ਮਦਦ ਲਈ ਭਾਜਪਾ ਸ਼ਾਸਤ ਰਾਜਾਂ ਦੀਆਂ ਸਰਕਾਰਾਂ ਦੇ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਬੀਤੇ ਦਿਨ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, ‘ਸਾਡੀ ਪਾਰਟੀ ਚੰਗੇ ਸ਼ਾਸਨ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ।’ ਕੁੱਲ 16 ਐਨ.ਡੀ.ਏ. ਸ਼ਾਸਿਤ ਰਾਜਾਂ ਦੇ 13 ਮੁੱਖ ਮੰਤਰੀ ਅਤੇ 15 ਉਪ ਮੁੱਖ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪਣੀਆਂ ਪ੍ਰਾਪਤੀਆਂ ਦਾ ਵੇਰਵਾ ਪੇਸ਼ ਕੀਤਾ। ਪਾਰਟੀ ਵੱਲੋਂ ਉਨ੍ਹਾਂ ਨੂੰ ਇੱਕ ਫਾਰਮੈਟ ਮੁਹੱਈਆ ਕਰਵਾਇਆ ਗਿਆ ਸੀ, ਜਿਸ ਵਿੱਚ ਉਨ੍ਹਾਂ ਨੂੰ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਲਾਗੂ ਨਾ ਕੀਤੀਆਂ ਗਈਆਂ ਸਕੀਮਾਂ ਦਾ ਵੇਰਵਾ ਦੇਣ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ, ਭਾਜਪਾ ਦੁਆਰਾ ਨਿਯਮਤ ਅੰਤਰਾਲਾਂ ‘ਤੇ ਆਯੋਜਿਤ ‘ਮੁੱਖ ਮੰਤਰੀ ਪ੍ਰੀਸ਼ਦ’ ਦਾ ਉਦੇਸ਼ ਰਾਜਾਂ ਵਿੱਚ ਪ੍ਰਮੁੱਖ ਯੋਜਨਾਵਾਂ ਦੀ ਸਮੀਖਿਆ ਕਰਨਾ, ਸ਼ਾਸਨ ਦੇ ਵਧੀਆ ਅਭਿਆਸਾਂ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨਾ ਹੈ। ਇਸ ਮੀਟਿੰਗ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ, ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ  ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਬੈਠਕ 23 ਜੁਲਾਈ ਨੂੰ ਸੰਸਦ ‘ਚ ਕੇਂਦਰੀ ਬਜਟ ਪੇਸ਼ ਹੋਣ ਤੋਂ ਬਾਅਦ ਹੋ ਰਹੀ ਹੈ। ਵਿਰੋਧੀ ਧਿਰ ਨੇ ਬਜਟ ਵਿੱਚ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਦੂਜੇ ਰਾਜਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਦੀ ਆਲੋਚਨਾ ਕੀਤੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਭਾਜਪਾ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਅਤੇ ਪਾਰਟੀ ਸੰਸਦ ਦੇ ਹੇਠਲੇ ਸਦਨ ਵਿੱਚ ਆਪਣੇ ਦਮ ’ਤੇ ਬਹੁਮਤ ਹਾਸਲ ਨਹੀਂ ਕਰ ਸਕੀ। ਹਾਲਾਂਕਿ, ਪਾਰਟੀ ਨੇਤਾਵਾਂ ਨੇ ਕਿਹਾ ਕਿ ਬੈਠਕ ਵਿੱਚ ਸ਼ਾਸਨ ਦੇ ਮੁੱਦੇ ਚਰਚਾ ਦੇ ਕੇਂਦਰ ਵਿੱਚ ਸਨ। ਇਸ ਤਰ੍ਹਾਂ ਦੀ ਆਖਰੀ ਮੀਟਿੰਗ ਫਰਵਰੀ ‘ਚ ਹੋਈ ਸੀ।

By admin

Related Post

Leave a Reply