ਮਲੋਟ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਕੈਪਟਨ ਭਗੀਰਥ ਸਿੰਘ ਮੀਨਾ ਦੀਆਂ ਹਦਾਇਤਾਂ ‘ਤੇ ਡੀ.ਐੱਸ.ਪੀ. ਮਲੋਟ ਪਵਨਜੀਤ ਦੀਆਂ ਹਦਾਇਤਾਂ ‘ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਮਾਂ-ਧੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਆਈ ਮੇਜਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਸ਼ੇਖੂ ਰੋਡ ਨੇੜੇ ਬਾਬਾ ਦੀਪ ਸਿੰਘ ਨਗਰ ਵਿੱਚ ਇੱਕ ਔਰਤ ਅਤੇ ਇੱਕ ਲੜਕੀ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ। ਪੁੱਛਗਿੱਛ ਕਰਨ ‘ਤੇ ਇਨ੍ਹਾਂ ਦੀ ਪਛਾਣ ਗੁਰਮੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਗਲੀ ਨੰਬਰ 20 ਮਲੋਟ ਅਤੇ ਉਸ ਦੀ ਲੜਕੀ ਨਵਪ੍ਰੀਤ ਕੌਰ ਪਤਨੀ ਪਰਮਿੰਦਰ ਸਿੰਘ ਵਾਸੀ ਭੂੰਦੜ ਵਜੋਂ ਹੋਈ ਹੈ।
ਪੁਲਿਸ ਨੇ ਉਕਤ ਔਰਤਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸਿਟੀ ਮਲੋਟ ਵਿੱਚ ਮੁਕੱਦਮਾ ਨੰਬਰ 108 ਮਿਤੀ 14/7/24 ਅ/ਧ 21ਬੀ/61/85 ਐਨ.ਡੀ.ਪੀ ਐਕਟ ਤਹਿਤ ਦਰਜ ਕਰਕੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਦੂਜੇ ਮਾਮਲੇ ‘ਚ ਏ.ਐੱਸ.ਆਈ.ਗੁਰਦਿੱਤਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮਲੋਟ ਡੱਬਵਾਲੀ ਮੇਨ ਰੋਡ ‘ਤੇ ਸਥਿਤ ਰੱਥੜਿਆ ਨੇੜਿਓਂ ਇਕ ਵਿਅਕਤੀ ਨੂੰ ਸ਼ੱਕੀ ਹਾਲਤ ‘ਚ ਕਾਬੂ ਕੀਤਾ, ਜਿਸ ਦੀ ਪਛਾਣ ਕਿੱਕਰ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਗੁਰੂਸਰ ਯੋਧਾ ਆਬਾਦ ਢਾਣੀ ਕੁੰਦਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਿਸਦੇ ਬਾਅਦ ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸਦੇ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।