ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕਰੀਅਰ ਲਈ ਮਾਰਗਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਸਸ਼ਕਤ ਬਣਾਇਆ ਜਾ ਸਕੇ।
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਅਗਾਂਹਵਧੂ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ।