ਚੰਡੀਗੜ੍ਹ: ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਟਰੇਨਾਂ ਅਤੇ ਫਲਾਈਟਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।
ਜਾਣਕਾਰੀ ਅਨੁਸਾਰ ਮੌਸਮ ਵਿਭਾਗ (Meteorological Department) ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਮੌਸਮ ਖ਼ਰਾਬ ਰਹੇਗਾ।
ਇਸ ਦੇ ਨਾਲ ਹੀ ਹਿਮਾਚਲ ਦੇ ਕਈ ਇਲਾਕਿਆਂ ‘ਚ ਅੱਜ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਡ ਹੋਰ ਵਧ ਸਕਦੀ ਹੈ। ਧੁੰਦ ਕਾਰਨ ਅੰਮ੍ਰਿਤਸਰ ਅਤੇ ਦਿੱਲੀ ਵਿਚਾਲੇ ਚੱਲਣ ਵਾਲੀਆਂ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਇਸ ਕਾਰਨ ਕਈ ਟਰੇਨਾਂ ਆਪਣੇ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਕਈ ਉਡਾਣਾਂ ਰੱਦ ਵੀ ਹੋਈਆਂ ਹਨ ਅਤੇ ਕਈ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਦੁਪਹਿਰ ਵੇਲੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ।