ਰਵਨੀਤ ਸਿੰਘ ਬਿੱਟੂ ਨੇ ਮਾਨ ਸਰਕਾਰ ਨੂੰ ਕੀਤੀ ਇਹ ਅਪੀਲ
By admin / February 14, 2024 / No Comments / Punjabi News
ਲੁਧਿਆਣਾ: ਕਿਸਾਨਾਂ ਦੇ ਅੰਦੋਲਨ ਦਰਮਿਆਨ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਸੰਸਦ ਮੈਂਬਰ ਬਿੱਟੂ ਨੇ ਕਿਸਾਨ ਅੰਦੋਲਨ ਕਾਰਨ ਪੰਜਾਬ ਸਰਕਾਰ ਨੂੰ ਦਿੱਤੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਕਿਸਾਨਾਂ ‘ਤੇ ਪਲਾਸਟਿਕ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ, ਜਿਸ ਕਾਰਨ ਵੱਡੀ ਗਿਣਤੀ ‘ਚ ਕਿਸਾਨ ਜ਼ਖਮੀ ਹੋ ਰਹੇ ਹਨ।
ਸੰਸਦ ਮੈਂਬਰ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈੰਦਿਆ ਬਾਰਡਰ ‘ਤੇ ਮੈਡੀਕਲ ਸੁਵਿਧਾਵਾਂ ਵੱਲ ਧਿਆਨ ਦਿੱਤਾ ਜਾਵੇ। ਕਿਸਾਨ ਦੇਸ਼ ਦੇ ਅੰਨਦਾਤਾ ਹਨ । ਪੁਲਿਸ ਅਤੇ ਅਰਧ ਸੈਨਿਕ ਬਲ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ, ਅੱਥਰੂ ਗੈਸ ਦੇ ਗੋਲੇ ਅਤੇ ਹਜ਼ਾਰਾਂ ਲੀਟਰ ਪਾਣੀ ਦੀ ਵਰਤੋਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਲਾਸਟਿਕ ਦੀਆਂ ਗੋਲੀਆਂ ਕਾਰਨ ਕਈ ਕਿਸਾਨ ਜ਼ਖਮੀ ਹੋ ਰਹੇ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਹੈ। ਸੰਸਦ ਮੈਂਬਰ ਬਿੱਟੂ ਨੇ ਸ਼ੰਭੂ ਬਾਰਡਰ ਅਤੇ ਆਸ ਪਾਸ ਦੇ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਜ਼ਖਮੀ ਕਿਸਾਨਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੌਕੇ ’ਤੇ ਡਾਕਟਰਾਂ ਦੀਆਂ ਟੀਮਾਂ ਭੇਜੇ।