ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਨਿਰਦੇਸ਼ ਕੀਤੇ ਜਾਰੀ
By admin / April 3, 2024 / No Comments / Punjabi News
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (The Election Commission) ਦੀ ਟੀਮ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲੋਕ ਸਭਾ ਚੋਣਾਂ (The Lok Sabha Elections) ਦੌਰਾਨ ਨਸ਼ਿਆਂ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ‘ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਠਹਿਰਣ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ ਦੇ ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਕਰਵਾਈਆਂ ਜਾਣਗੀਆਂ।
ਮੁੱਖ ਚੋਣ ਅਫ਼ਸਰ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਸਿਬਿਨ ਸੀ. ਨੇ ਦੱਸਿਆ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਆਕਰਸ਼ਿਤ ਕਰਨ ਲਈ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਸਮੁੱਚੇ ਵੋਟਿੰਗ ਅਨੁਭਵ ਨੂੰ ਤਸੱਲੀਬਖ਼ਸ਼ ਅਤੇ ਆਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਵੱਲੋਂ ਰਾਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।