ਚੰਡੀਗੜ:ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਸੋਮਵਾਰ ਨੂੰ ਰਾਜ ਵਿੱਚ ਲੋਕ ਸਭਾ ਆਮ ਚੋਣਾਂ 2024 ਦੀਆਂ ਤਿਆਰੀਆਂ ਦੇ ਸਬੰਧ ਵਿੱਚ ਰਾਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਕਪੂਰ ਨੇ ਕਿਹਾ ਕਿ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਬਾਰੇ ਸਪੱਸ਼ਟਤਾ ਹੋਣੀ ਚਾਹੀਦੀ ਹੈ ਤਾਂ ਜੋ ਚੋਣਾਂ ਸ਼ਾਂਤੀਪੂਰਵਕ ਨੇਪਰੇ ਚਾੜ੍ਹੀਆਂ ਜਾ ਸਕਣ।

ਕਪੂਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ 25 ਮਈ ਨੂੰ ਲੋਕ ਸਭਾ ਦੀਆਂ ਆਮ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਪੁਲਿਸ  ਅਧਿਕਾਰੀਆਂ ਨਾਲ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਸਮੇਤ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਪੂਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਚੋਣਾਂ ਦੇ ਸਮੇਂ ‘ਤੇ ਪੁਲਿਸ ਵਿਭਾਗ ਵਿੱਚ ਹਰ ਪੱਧਰ ਦੇ ਅਧਿਕਾਰੀ ਨੂੰ ਆਪਣੀ ਜ਼ਿੰਮੇਵਾਰੀ ਤੋਂ ਜਾਣੂ ਹੋਣਾ ਚਾਹੀਦਾ ਹੈ ਤਾਂ ਜੋ ਚੋਣ ਪ੍ਰਕਿਿਰਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਕੋਈ ਵੀ ਅਧਿਕਾਰੀ ਚੋਣ ਡਿਊਟੀ ਸਬੰਧੀ ਆਪਣੇ ਮਨ ਵਿੱਚ ਕਿਸੇ ਕਿਸਮ ਦਾ ਸ਼ੰਕਾ ਨਾ ਰੱਖੇ ਅਤੇ ਸਮੇਂ ਸਿਰ ਦੂਰ ਕਰ ਲਵੇਂ।

ਕਪੂਰ ਨੇ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਜ਼ਿਲ੍ਹਾ ਪੁਲਿਸ ਸੁਪਰਡੈਂਟ ਜ਼ਿਲ੍ਹਿਆਂ ਦੀ ਪੁਲਿਸ ਫੋਰਸ ਦੀ ਆਡਿਟ ਸਹੀ ਕਰਨ ਕਿਉਂਕਿ ਚੋਣਾਂ ਤੋਂ ਇੱਕ ਦਿਨ ਪਹਿਲਾਂ ਅਤੇ ਚੋਣਾਂ ਵਾਲੇ ਦਿਨ ਮੁਕਾਬਲਤਨ ਵੱਧ ਪੁਲਿਸ ਫੋਰਸ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਅੰਤਰਰਾਜੀ ਸਰਹੱਦਾਂ ‘ਤੇ ਸਥਾਪਤ ਨਾਕਿਆਂ ‘ਤੇ ਉੱਚ ਗੁਣਵੱਤਾ ਵਾਲੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜਨਰਲ ਪੁਲਿਸ ਲਾਅ ਐਂਡ ਆਰਡਰ ਸੰਜੇ ਕੁਮਾਰ ਨੇ ਵੀ ਚੋਣ ਡਿਊਟੀ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਮੀਟਿੰਗ ਵਿੱਚ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਨਿਰਦੇਸ਼ ਦਿੱਤਾ ਹੈ।

ਅੰਤ ਵਿੱਚ, ਪੁਲਿਸ ਡਾਇਰੈਕਟਰ ਜਨਰਲ ਨੇ ਜ਼ੋਰ ਦਿੱਤਾ ਅਤੇ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਸੰਜੇ ਕੁਮਾਰ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਮਾਡਰਨਾਈਜ਼ੇਸ਼ਨ ਅਮਿਤਾਭ ਢਿੱਲੋਂ, ਆਈਜੀ ਲਾਅ ਐਂਡ ਆਰਡਰ ਹਰਦੀਪ ਦੂਨ, ਏਆਈਜੀ ਐਡਮਿਨ ਮਨੀਸ਼ਾ ਚੌਧਰੀ, ਏਆਈਜੀ ਪ੍ਰੋਵੀਜ਼ਨਿੰਗ ਕਮਲਦੀਪ ਗੋਇਲ ਹਾਜ਼ਰ ਸਨ।

Leave a Reply