ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੱਜ ਐਨ.ਆਰ.ਆਈ ਥਾਣਾ ਜਲੰਧਰ ਵਿਖੇ ਬਤੌਰ ਕੰਪਿਊਟਰ ਅਪਰੇਟਰ ਤਾਇਨਾਤ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਂਸਟੇਬਲ ਨੂੰ ਜਲੰਧਰ ਸ਼ਹਿਰ ਦੇ ਗੁਰੂ ਨਾਨਕਪੁਰਾ ਮੁਹੱਲਾ ਵਾਸੀ ਸੁਸ਼ੀਲ ਕੁਮਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਐਨ.ਆਰ.ਆਈ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਮਦਦ ਕਰਨ ਬਦਲੇ 55,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਇਸੇ ਨੀਅਤ ਨਾਲ 20,000 ਰੁਪਏ ਹੋਰ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਥਾਣਾ ਬਿਊਰੋ ਦੀ ਜਲੰਧਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਪੁੱਛਗਿੱਛ ਜਾਰੀ ਹੈ।

Leave a Reply