ਵਿਜੀਲੈਂਸ ਬਿਊਰੋ ਨੇ ਪਟਵਾਰੀ ਮਨੀਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
By admin / March 23, 2024 / No Comments / Punjabi News
ਬਟਾਲਾ: ਪੰਜਾਬ ਵਿਜੀਲੈਂਸ ਬਿਊਰੋ (The Punjab Vigilance Bureau) ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਾਜਵਾ ਕਲੋਨੀ, ਗਾਉਂਸਪੁਰਾ, ਤਹਿਸੀਲ ਬਟਾਲਾ ਮਾਲ ਪਟਵਾਰੀ ਮਨੀਸ਼ ਕੁਮਾਰ (Patwari Manish Kumar) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਝੰਡੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਦੇ ਰੈਵੇਨਿਊ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਪਹਿਲਾਂ ਵੀ 1500 ਰੁਪਏ ਨਕਦ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6500 ਰੁਪਏ ਟ੍ਰਾਸਫਰ ਕੀਤੇ ਗਏ ਸਨ।
ਇਸ ਜਾਂਚ ਤੋਂ ਬਾਅਦ ਦੋਸ਼ੀ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।