ਪੰਜਾਬ : ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ (Vigilance Bureau) ਨੇ ਬਰਨਾਲਾ ਦਫ਼ਤਰ ਵਿਚ ਤਾਇਨਾਤ ਪੰਜਾਬ ਪੁਲਿਸ ਦੇ 2 ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਨੇ ਹਰਵਿੰਦਰ ਸਿੰਘ ਵਾਸੀ ਧਨੌਲਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਉਕਤ ਦੋਵੇਂ ਇੰਸਪੈਕਟਰਾਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਦੀ ਢੋਆ-ਢੁਆਈ ਦੌਰਾਨ ਕਣਕ ਦੀ ਕਮੀ ਦਰਸਾਉਣ ਬਦਲੇ 1,00,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪੀ.ਐਨ.ਐਸ.ਪੀ. ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।