ਵਿਜੀਲੈਂਸ ਵੱਲੋਂ PSPCL ਦੇ ਅਧਿਕਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
By admin / February 14, 2024 / No Comments / Punjabi News
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।