ਚੰਡੀਗੜ੍ਹ: ਕਿਸਾਨਾਂ ਦੇ ‘ਦਿੱਲੀ ਚੱਲੋ’ ਦੇ ਸੱਦੇ ਤਹਿਤ ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਹੋਈ ਪੁਲਿਸ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵਿਚ ਝੜਪ ਵਿਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Young Farmer Shubhkaran Singh) ਦਾ ਵਿਵਾਦ ਹੋਰ ਗਰਮਾਉਂਦਾ ਜਾ ਰਿਹਾ ਹੈ।

ਇਸ ਸਬੰਧੀ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ (Farmer Leader Sarwan Singh Pandher) ਨੇ ਕਿਹਾ ਕਿ ਜਦੋਂ ਤੱਕ ਮਾਰੇ ਗਏ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਇਨਸਾਫ ਨਹੀਂ ਹੁੰਦਾ, ਉਦੋਂ ਤੱਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਸਿੱਧੇ ਤੌਰ ‘ਤੇ ਹਰਿਆਣਾ ਪੁਲਿਸ ਜ਼ਿੰਮੇਵਾਰ ਹੈ ਤੇ ਉਨ੍ਹਾਂ ਖ਼ਿਲਾਫ਼ FIR ਦਰਜ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਉਨ੍ਹਾਂ ਲੋਕਾਂ ਖ਼ਿਲਾਫ਼ IPS ਦੀ ਧਾਰਾ 302 ਤਹਿਤ ਮਾਮਲਾ ਦਰਜ ਕਰੇ ਜੋ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਹਨ। ਅਸੀਂ ਉਸ ਨੌਜਵਾਨ ਦਾ ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕਰਾਂਗੇ ਜਦੋਂ ਤੱਕ ਉਸ ਨੂੰ ਨਿਆਂ ਨਹੀਂ ਮਿਲ ਜਾਂਦਾ। ਹਰਿਆਣਾ ਪੁਲਿਸ ਤੇ ਅਰਧ-ਸੈਨਿਕ ਬਲ ਖ਼ਿਲਾਫ਼ ਸ਼ਿਕਾਇਤ ਹੋਣੀ ਚਾਹੀਦੀ ਹੈ, ਜੋ ਉਸ ਦੀ ਮੌਤ ਲਈ ਜ਼ਿੰਮੇਵਾਰ ਹਨ।

ਦਿੱਲੀ ਮਾਰਚ ਨੂੰ ਫਿਰ ਤੋਂ ਸ਼ੁਰੂ ਕਰਨ ਸਬੰਧੀ ਪੰਧੇਰ ਨੇ ਕਿਹਾ ਕਿ ਜਲਦ ਹੀ ਇਸ ਵਿਸ਼ੇ ਵਿਚ ਬੈਠਕ ਕਰਕੇ ਫ਼ੈਸਲਾ ਲਿਆ ਜਾਵੇਗਾ। ਖਨੌਰੀ ਸਰਹੱਦ ‘ਤੇ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋ ਗਈ ਹੈ ਜਿਸ ਦੇ ਬਾਅਦ ‘ਦਿੱਲੀ ਚੱਲੋ’ ਦੇ ਸੱਦੇ ਤਹਿਤ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਮਰਨ ਵਾਲਿਆਂ ਕਿਸਾਨਾਂ ਦੀ ਗਿਣਤੀ 4 ਹੋ ਗਈ ਹੈ।

ਦੱਸ ਦੇਈਏ ਕਿ ਕਿਸਾਨ 13 ਫਰਵਰੀ ਤੋਂ ਫਸਲਾਂ ਲਈ MSP ਦੀ ਕਾਨੂੰਨੀ ਗਾਰੰਟੀ ਤੇ ਕਰਜ਼ਾ ਮਾਫੀ ਸਣੇ ਆਪਣੀਆਂ ਮੰਗਾਂ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਟਰੈਕਟਰ-ਟਰਾਲੀਆਂ ਨਾਲ ਹਰਿਆਣਾ-ਪੰਜਾਬ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਾਲਾਂਕਿ ਪਿਛਲੇ ਦੌਰ ਦੀ ਗੱਲਬਾਤ ਦੌਰਾਨ 3 ਕੇਂਦਰੀ ਮੰਤਰੀਆਂ ਦੇ ਪੈਨਲ ਨੇ ਕਿਸਾਨਾਂ ਤੋਂ 5 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ ਮੰਨ ਲਿਆ ਸੀ।

Leave a Reply