ਹੁਸ਼ਿਆਰਪੁਰ : ਪੰਜਾਬ ਦੇ ਸੀ.ਐਮ ਭਗਵੰਤ ਮਾਨ (Punjab CM Bhagwant Mann) ਅੱਜ ਹੁਸ਼ਿਆਰਪੁਰ ਪਹੁੰਚ ਗਏ ਹਨ। ਅੱਜ ਇੱਥੇ ਉਨ੍ਹਾਂ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ 55 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 7 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ। ਇਸ ਦੌਰਾਨ ਸੀ.ਐਮ ਮਾਨ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬੀ ਦੇ ਨਾਲ-ਨਾਲ ਹੋਰ ਵਿ ਸ਼ਿਆਂ ਲਈ ਵੀ ਅਧਿਆਪਕ ਹੋਣਗੇ।
ਆਪਣੇ ਸੰਬੋਧਨ ਦੌਰਾਨ ਸੀ.ਐਮ ਮਾਨ ਨੇ ਦੱਸਿਆ ਕਿ ਇਸ ਵਾਰ ਮਾਤਾ-ਪਿਤਾ-ਅਧਿਆਪਕ ਮੀਟਿੰਗ ਵਿੱਚ 20 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਮਾਪਿਆਂ ਅਤੇ ਅਧਿਆਪਕਾਂ ਦਾ ਇੱਕ ਦੂਜੇ ਨੂੰ ਮਿਲਣਾ ਬਹੁਤ ਜ਼ਰੂਰੀ ਹੈ। ਮਾਪਿਆਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੜ੍ਹਾਉਣ ਅਤੇ ਸਿੱਖਣ ਦਾ ਢੰਗ ਵੀ ਬਦਲ ਗਿਆ ਹੈ। ਸਰਕਾਰਾਂ ਦਾ ਕੰਮ ਮੌਕੇ ਪ੍ਰਦਾਨ ਕਰਨਾ ਹੈ।
ਸੀ.ਐਮ. ਮਾਨ ਨੇ ਕਿਹਾ ਕਿ ਸਿੰਗਾਪੁਰ ਤੋਂ ਪੜ੍ਹਾਉਣ ਦਾ ਤਰੀਕਾ ਸਿੱਖਣ ਲਈ ਪੰਜਾਬ ਦੇ ਸੈਂਕੜੇ ਅਧਿਆਪਕ ਸਿਖਲਾਈ ਲਈ ਆਏ ਹਨ। ਇਸ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਦਾਖ਼ਲ ਹੋ ਰਹੇ ਹਨ। ਸਾਡੇ ਕੋਲ ਅਧਿਆਪਕਾਂ ਦੀ ਕੋਈ ਕਮੀ ਨਹੀਂ ਹੈ, ਸਾਨੂੰ ਸਿਰਫ਼ ਸਿੱਖਣ ਲਈ ਮਾਹੌਲ ਚਾਹੀਦਾ ਹੈ। ਇਸ ਵਾਰ 158 ਸਰਕਾਰੀ ਬੱਚਿਆਂ ਨੇ ਜੇ.ਈ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਸਿਲੇਬਸ ਦੇ ਨਾਲ-ਨਾਲ ਜ਼ਿੰਦਗੀ ਦੀਆਂ ਗੱਲਾਂ ਸਿਖਾਉਣ ਵਾਲਾ ਅਧਿਆਪਕ ਬੱਚਿਆਂ ਦਾ ਚਹੇਤਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਹਨ ਕਿ ਸਾਨੂੰ ਆਪਣੇ ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਸਾਨੂੰ ਬਹੁਤ ਕੁਝ ਸਿਖਾਇਆ ਹੈ।
ਇਸ ਮੌਕੇ ਭਗਵੰਤ ਮਾਨ ਨੇ ਖ਼ਾਲੀ ਖ਼ਜ਼ਾਨੇ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਹਰ ਕੰਮ ਕਰਨ ਲਈ ਕਿਹਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਪੜ੍ਹਾਈ ਵੱਲ ਹੀ ਧਿਆਨ ਦੇਣ। ਅਧਿਆਪਕਾਂ ਨੂੰ ਸਿਰਫ਼ ਪੜ੍ਹਾਈ ਦਾ ਹੀ ਧਿਆਨ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੰਗੀ ਸਿੱਖਿਆ ਲਈ ਸਕੂਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਕੇਅਰ ਟੇਕਰ ਵੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਕੀਤਾ ਜਾਵੇ ਤਾਂ ਜੋ ਉਹ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਮੁਕਾਬਲਾ ਕਰ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਵਿੱਚ ਅਜਿਹੀਆਂ ਗਤੀਵਿਧੀਆਂ ਕਰਵਾਉਣੀਆਂ ਚਾਹੀਦੀਆਂ ਹਨ ਜਿਸ ਨਾਲ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਹੋਵੇ ਅਤੇ ਉਹ ਆਪਣੇ ਆਪ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੋਂ ਘੱਟ ਨਾ ਸਮਝਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਿਲੇਬਸ ਵਿੱਚ ਬਦਲਾਅ ਕੀਤਾ ਜਾਵੇਗਾ। ਸਿਲੇਬਸ ਵਿੱਚ ਅਜਿਹੀਆਂ ਚੀਜ਼ਾਂ ਸ਼ਾਮਲ ਕੀਤੀਆਂ ਜਾਣਗੀਆਂ ਜੋ ਬੱਚਿਆਂ ਲਈ ਲਾਭਦਾਇਕ ਹੋਣਗੀਆਂ ਅਤੇ ਸਕਾਰਾਤਮਕ ਰਹਿਣਗੀਆਂ।