ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਹਨ। ਇਸ ਮਗਰੋਂ ਉਨ੍ਹਾਂ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦਿੱਤਾ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਜਵਾਬ ਸੌਂਪਿਆ। ਉਨ੍ਹਾਂ ਕਿਹਾ ਕਿ ਹੁਣ ਸਿੰਘ ਸਾਹਿਬ ਇਸ ਬਾਰੇ ਸੋਚ ਕੇ ਅਗਲਾ ਫ਼ੈਸਲਾ ਲੈਣਗੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ, ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਨਜ਼ਰ ਆਏ।

ਇੱਥੇ ਇਹ ਵੀ ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਬੀਤੀ ਸ਼ਾਮ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਵਰਨਣਯੋਗ ਹੈ ਕਿ ਸੁਖਬੀਰ ਨੇ ਕਿਹਾ ਸੀ ਕਿ ਉਹ ਨਿਮਾਣੇ ਸਿੱਖ ਵਜੋਂ ਸਾਹਮਣੇ ਆਉਣਗੇ। 5 ਸਿੰਘ ਸਾਹਿਬ ਵੱਲੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇੱਕ ਸ਼ਰਧਾਲੂ ਅਤੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ 5 ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਬਾਗੀ ਧੜੇ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫੀਨਾਮਾ ਸੌਂਪਿਆ ਸੀ, ਜਿਸ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ।

Leave a Reply