ਮਾਛੀਵਾੜਾ ਸਾਹਿਬ: ਮਾਛੀਵਾੜਾ ਦੇ ਸਾਬਕਾ ਬੀ.ਪੀ.ਈ.ਓ. ਕੁਲਵੰਤ ਸਿੰਘ (Former BPEO Kulwant Singh) ਦੀ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਦਰਸ਼ਨਾਂ ਲਈ ਜਾਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ 21 ਮਈ ਨੂੰ ਕੁਲਵੰਤ ਸਿੰਘ ਜਥੇ ਸਮੇਤ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ। ਮੁੱਖ ਤੀਰਥ ਅਸਥਾਨ ਗੋਬਿੰਦ ਧਾਮ ਤੋਂ ਕਰੀਬ ਅੱਧਾ ਕਿਲੋਮੀਟਰ ਪਿੱਛੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਅਤੇ ਉਨ੍ਹਾਂ ਨੇ ਉੱਥੇ ਹੀ ਆਖਰੀ ਸਾਹ ਲਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੀਤੀ ਸਵੇਰੇ 10 ਵਜੇ ਉਨ੍ਹਾਂ ਦੇ ਗ੍ਰਹਿ ਮਾਛੀਵਾੜਾ ਲਿਆਂਦਾ ਗਿਆ ਅਤੇ 12 ਵਜੇ ਸਥਾਨਕ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਘਟਨਾ ਕਾਰਨ ਪਰਿਵਾਰ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ।