ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਨੂੰ ਫਿਲੌਰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਿਆਂ ਦੇ ਮਾਮਲੇ ‘ਚ ਗ੍ਰਿਫ਼ਤਾਰ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਦੀ ਜ਼ਮਾਨਤ ਪਟੀਸ਼ਨ ਅਦਾਲਤ ‘ਚ ਮਨਜ਼ੂਰ ਹੋ ਗਈ ਹੈ ਅਤੇ ਦੋਵਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਪੁਲਿਸ ਨੇ ਨਸ਼ੇ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਦੋਵਾਂ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਫਿਲੌਰ ‘ਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇਕ ਸ਼ੱਕੀ ਗੱਡੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ‘ਚ ਬੈਠੇ ਲੋਕਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਨੂੰ ਕਾਬੂ ਕੀਤਾ ਗਿਆ।