ਹਰਿਆਣਾ ਨੇ ਪੰਜਾਬ ਨਾਲੋਂ 12 ਗੁਣਾ ਵੱਧ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨਾ ਖਰੀਦ ਕੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ
By admin / October 4, 2024 / No Comments / Punjabi News
ਚੰਡੀਗੜ੍ਹ: ਹਰਿਆਣਾ ਅਤੇ ਪੰਜਾਬ ਦੇ ਰਾਈਸ ਮਿੱਲ ਮਾਲਕਾਂ ਦੀ ਹੜਤਾਲ ਦੇ ਬਾਵਜੂਦ ਖੁਰਾਕ ਤੇ ਸਪਲਾਈ ਵਿਭਾਗ (The Food and Supply Department) ਹਰਿਆਣਾ ਵੱਲੋਂ ਝੋਨੇ ਦੀ ਖਰੀਦ ਲਈ ਕੀਤੇ ਠੋਸ ਪ੍ਰਬੰਧ ਰੰਗ ਲਾਅ ਰਹੇ ਹਨ। ਹਰਿਆਣਾ ਨੇ ਪੰਜਾਬ ਨਾਲੋਂ 12 ਗੁਣਾ ਵੱਧ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨਾ ਖਰੀਦ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਵਾਰ ਆਨ ਲਾਈਨ ਗੇਟ ਪਾਸ ਦੀ ਸਹੂਲਤ ਮਿਲਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਾਫ਼ੀ ਸਹੂਲਤ ਮਿਲੀ ਹੈ। ਹੁਣ ਤੱਕ ਹਰਿਆਣਾ ‘ਚ 1,18,763 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਪੰਜਾਬ ‘ਚ ਸਿਰਫ 9,433 ਮੀਟ੍ਰਿਕ ਟਨ ਝੋਨੇ ਦੀ ਹੀ ਖਰੀਦ ਹੋਈ ਹੈ।
ਖੁਰਾਕ ਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਝੋਨੇ ਦੀ ਖਰੀਦ ਦਾ ਕੰਮ 15 ਨਵੰਬਰ 2024 ਤੱਕ ਜਾਰੀ ਰਹੇਗਾ। ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਆਮ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਦਾ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਹੈ। ਸੂਬੇ ਦੀਆਂ 241 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਵਿਭਾਗ ਨੇ 17 ਫੀਸਦੀ ਤੱਕ ਨਮੀ ਵਾਲਾ ਝੋਨਾ ਹੀ ਖਰੀਦਣ ਦੇ ਨਿਰਦੇਸ਼ ਦਿੱਤੇ ਹਨ। ਸਾਰੀਆਂ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਾਰਦਾਨੇ ਉਪਲਬਧ ਹਨ। ਇਸ ਤੋਂ ਇਲਾਵਾ ਫ਼ਸਲਾਂ ਦੀ ਸਫ਼ਾਈ ਆਦਿ ਲਈ ਲੋੜੀਂਦੇ ਉਪਕਰਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਝੋਨੇ ਦੇ ਨਾਲ-ਨਾਲ ਸਾਉਣੀ ਦੀਆਂ ਹੋਰ ਫਸਲਾਂ ਦੀ ਖਰੀਦ ਵੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੀਤੀ ਜਾ ਰਹੀ ਹੈ। ਸੂਬੇ ‘ਚ 1 ਅਕਤੂਬਰ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਾਜਰੇ ਦੀ ਖਰੀਦ ਵੀ ਸ਼ੁਰੂ ਹੋ ਚੁੱਕੀ ਹੈ। ਸੂਬੇ ਦੀਆਂ 91 ਮੰਡੀਆਂ ਅਤੇ ਖਰੀਦ ਕੇਂਦਰਾਂ ‘ਤੇ ਬਾਜਰੇ ਦੀ ਖਰੀਦ ਕੀਤੀ ਜਾ ਰਹੀ ਹੈ। ਬੁਲਾਰੇ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਖ਼ਰੀਦ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਝੋਨੇ ਵਿੱਚ 17% ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ।
ਬੁਲਾਰੇ ਅਨੁਸਾਰ 4 ਅਕਤੂਬਰ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 4,37,775 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਝੋਨੇ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 1,18,763 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 18,577 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰੀਦੀਆਂ ਗਈਆਂ ਫਸਲਾਂ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ 15,000 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 12.85 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਭੇਜੀ ਜਾ ਚੁੱਕੀ ਹੈ। ਇਸ ਸਮੇਂ ਲਿਫਟਿੰਗ ਝੋਨਾ ਏਜੰਸੀ ਦੇ ਗੋਦਾਮਾਂ, ਪਲੰਿਥਾਂ ਅਤੇ ਹੋਰ ਚੁਣੀਆਂ ਥਾਵਾਂ ‘ਤੇ ਸਟੋਰ ਕੀਤਾ ਹੋਇਆ ਹੈ।
ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਹੋਈ ਝੋਨੇ ਦੀ ਸਭ ਤੋਂ ਵੱਧ ਖਰੀਦ
ਵਿਭਾਗ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਕੁੱਲ 1,18,763 ਮੀਟ੍ਰਿਕ ਟਨ ਝੋਨੇ ਵਿੱਚੋਂ ਸਭ ਤੋਂ ਵੱਧ 40, 227 ਮੀਟ੍ਰਿਕ ਟਨ ਤੋਂ ਵੱਧ ਝੋਨਾ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਖਰੀਦਿਆ ਗਿਆ ਹੈ। ਇਸ ਤੋਂ ਇਲਾਵਾ ਯਮੁਨਾਨਗਰ ਜ਼ਿਲ੍ਹੇ ਵਿੱਚ 28,116 ਮੀਟ੍ਰਿਕ ਟਨ, ਅੰਬਾਲਾ ਜ਼ਿਲ੍ਹੇ ਵਿੱਚ 30,149 ਮੀਟ੍ਰਿਕ ਟਨ, ਕਰਨਾਲ ਜ਼ਿਲ੍ਹੇ ਵਿੱਚ 10,774 ਮੀਟ੍ਰਿਕ ਟਨ, ਕੈਥਲ ਜ਼ਿਲ੍ਹੇ ਵਿੱਚ 3,436 ਮੀਟ੍ਰਿਕ ਟਨ ਅਤੇ ਪੰਚਕੂਲਾ ਜ਼ਿਲ੍ਹੇ ਵਿੱਚ 5,424 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਹੋਰਨਾਂ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਆ ਰਿਹਾ ਝੋਨਾ ਵੀ ਖਰੀਦਿਆ ਜਾ ਰਿਹਾ ਹੈ।
ਬਾਜਰੇ ਦੀ ਰੇਵਾੜੀ ਵਿੱਚ ਹੋਈ ਸਭ ਤੋਂ ਵੱਧ ਖਰੀਦ
ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਵਿਭਾਗ ਨੇ 1 ਅਕਤੂਬਰ, 2024 ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਾਜਰੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਵਿਭਾਗ ਵੱਲੋਂ ਵਿਸ਼ੇਸ਼ ਤੌਰ ‘ਤੇ 91 ਮੰਡੀਆਂ ਅਤੇ ਖਰੀਦ ਕੇਂਦਰ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚ 4 ਅਕਤੂਬਰ ਤੱਕ ਸੂਬੇ ਦੇ ਕਿਸਾਨਾਂ ਤੋਂ 28,427 ਮੀਟ੍ਰਿਕ ਟਨ ਤੋਂ ਵੱਧ ਬਾਜਰੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰਿਵਾੜੀ ਜ਼ਿਲ੍ਹੇ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ 9,791 ਮੀਟ੍ਰਿਕ ਟਨ ਬਾਜਰੇ ਦੀ ਸਭ ਤੋਂ ਵੱਧ ਸਰਕਾਰੀ ਖਰੀਦ ਕੀਤੀ ਗਈ ਹੈ।
ਇਸ ਤੋਂ ਇਲਾਵਾ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ 7,199 ਮੀਟ੍ਰਿਕ ਟਨ, ਗੁਰੂਗ੍ਰਾਮ ਜ਼ਿਲ੍ਹੇ ਵਿੱਚ 5,549 ਮੀਟ੍ਰਿਕ ਟਨ, ਝੱਜਰ ਜ਼ਿਲ੍ਹੇ ਵਿੱਚ 3,282 ਮੀਟ੍ਰਿਕ ਟਨ, ਭਿਵਾਨੀ ਜ਼ਿਲ੍ਹੇ ਵਿੱਚ 841 ਮੀਟ੍ਰਿਕ ਟਨ ਅਤੇ ਮੇਵਾਤ ਜ਼ਿਲ੍ਹੇ ਵਿੱਚ 1,682 ਮੀਟ੍ਰਿਕ ਟਨ ਬਾਜਰੇ ਦੀ ਖਰੀਦ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਾਉਣੀ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪ੍ਰਕਿਰਿਆ 15 ਨਵੰਬਰ, 2024 ਤੱਕ ਜਾਰੀ ਰਹੇਗੀ। ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵਿਭਾਗ ਕਿਸਾਨਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੂਰੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਕੁਸ਼ਲ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਏਗਾ।