ਚੰਡੀਗੜ੍ਹ: ਡੇਰਾ ਸੱਚਾ ਸੌਦਾ (Dera Sacha Sauda) ‘ਚ ਅਹਿਮ ਅਹੁਦਿਆਂ ‘ਤੇ ਰਹੇ ਪ੍ਰਦੀਪ ਕਲੇਰ (Pradeep Keller) ਦੀ ਪਤਨੀ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਡੇਰੇ ‘ਚ ਖ਼ਤਰਾ ਦੱਸਦੇ ਹੋਏ ਸੁਰੱਖਿਆ ਦੀ ਪੰਜਾਬ-ਹਰਿਆਣਾ ਹਾਈਕੋਰਟ ( The Punjab-Haryana High Court) ‘ਚ ਅਪੀਲ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ‘ਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਕੀ ਕਿਹਾ ਸੀ ਪਟੀਸ਼ਨ ‘ਚ
ਪਟੀਸ਼ਨ ਦਾਇਰ ਕਰਦੇ ਹੋਏ ਜੋਤੀ ਨੇ ਕਿਹਾ ਕਿ ਉਸ ਦਾ ਪਤੀ ਅਤੇ ਪਰਿਵਾਰ ਲੰਬੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਸਨ। ਡੇਰਾ ਮੁਖੀ ਰਾਮ ਰਹੀਮ ਦੀ ਫਿਲਮ ਮੈਸੇਂਜਰ ਆਫ ਗੌਡ 2015 ਵਿੱਚ ਰਿਲੀਜ਼ ਹੋਈ ਸੀ। ਉਸ ਦੌਰਾਨ 23 ਮਾਰਚ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹਰਜਿੰਦਰ ਸਿੰਘ ਮਾਂਝੀ ਦੇ ਸੰਬੋਧਨ ਤੋਂ ਬਾਅਦ ਕਈ ਡੇਰਾ ਸਮਰਥਕਾਂ ਨੇ ਰਾਮ ਰਹੀਮ ਦੀ ਫੋਟੋ ਵਾਲੇ ਲੋਕੇੇਟ ਲਾਹ ਕੇ ਸੁੱਟ ਦਿੱਤੇ ਸਨ।
ਇਸ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਣ ਲੱਗੀਆਂ। ਬੇਅਦਬੀ ਨੂੰ ਲੈ ਕੇ ਪੰਜਾਬ ਸਰਕਾਰ ਨੇ 2015 ਵਿੱਚ ਐਫਆਈਆਰ ਦਰਜ ਕੀਤੀ ਸੀ ਅਤੇ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਦੇ ਪਤੀ ਨੂੰ ਮੁਲਜ਼ਮ ਬਣਾਇਆ ਗਿਆ ਸੀ। ਪਟੀਸ਼ਨਰ ਦਾ ਪਤੀ ਪੁਲਿਸ ਦੀ ਪਹੁੰਚ ਤੋਂ ਬਾਹਰ ਸੀ ਅਤੇ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।
ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਪ੍ਰਦੀਪ ਕਲੇਰ ਨੂੰ
9 ਫਰਵਰੀ ਨੂੰ ਉਸ ਨੂੰ ਫਰੀਦਕੋਟ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਬੁੜੈਲ ਜੇਲ੍ਹ ਵਿਚ ਹੈ। ਪਟੀਸ਼ਨਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਕੱਚਾ-ਚਿੱਠਾ ਖੋਲਣ ਦਾ ਫ਼ੈਸਲਾ ਕੀਤਾ ਅਤੇ 26 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੈਜਿਸਟ੍ਰੇਟ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਪਟੀਸ਼ਨਰ ਨੇ ਕਿਹਾ ਕਿ ਉਸ ਦੇ ਪਤੀ ਦੇ ਬਿਆਨ ਤੋਂ ਬਾਅਦ ਹੁਣ ਉਸ ਦੀ ਅਤੇ ਉਸ ਦੀ ਬੇਟੀ ਦੀ ਜਾਨ ਨੂੰ ਖ਼ਤਰਾ ਹੈ ਕਿਉਂਕਿ ਉਹ ਅਜੇ ਵੀ ਡੇਰੇ ਦੇ ਅੰਦਰ ਮੌਜੂਦ ਹਨ।
ਪਟੀਸ਼ਨਰ ਨੇ ਕਿਹਾ ਕਿ ਉਹ ਡੇਰਾ ਛੱਡਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਡਰ ਸੀ ਕਿ ਜੇਕਰ ਉਨ੍ਹਾਂ ਨੇ ਅਜਿਹੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। ਅਜਿਹੇ ‘ਚ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕਰਦੇ ਹੋਏ ਉਨ੍ਹਾਂ ਨੇ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਪਟੀਸ਼ਨ ‘ਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ।