ਹਾਈ ਕੋਰਟ ਨੇ ਇਸ ਜ਼ਿਲ੍ਹੇ ‘ਚ ਤਾਇਨਾਤ ਜੁਡੀਸ਼ੀਅਲ ਮੈਜਿਸਟਰੇਟ ਨੂੰ ਕੀਤਾ ਮੁਅੱਤਲ
By admin / April 5, 2024 / No Comments / Punjabi News
ਲੁਧਿਆਣਾ: ਜ਼ਿਲ੍ਹੇ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਹਾਈ ਕੋਰਟ (The High Court) ਵੱਲੋਂ ਮੁਅੱਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫਤੇ ਜਸਟਿਸ ਸੰਧਾਵਾਲੀਆ ਨੇ ਲੁਧਿਆਣਾ ਦੇ ਦੌਰੇ ਦੌਰਾਨ ਜੱਜ ਦੇ ਕੰਮ ਵਿਚ ਖਾਮੀਆਂ ਪਾਈਆਂ ਸਨ।
ਇਸ ਤੋਂ ਬਾਅਦ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ-ਕਮ-ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰਾਜੀਵ ਗਰਗ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਅੱਤਲੀ ਦੌਰਾਨ ਇਨ੍ਹਾਂ ਦਾ ਮੁੱਖ ਦਫਤਰ ਨਵਾਂਸ਼ਹਿਰ ਬਣਾ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਸਟਿਸ ਸੰਧਾਵਾਲੀਆ ਨੇ ਅਦਾਲਤ ਦੇ ਨਿਰੀਖਣ ਦੌਰਾਨ ਅਦਾਲਤੀ ਕਾਰਵਾਈ, ਰਿਕਾਰਡ ਨੂੰ ਸੰਭਾਲਣ ਅਤੇ ਡਿਊਟੀ ਨਿਭਾਉਣ ਵਿੱਚ ਕਮੀਆਂ ਪਾਈਆਂ ਹਨ।
ਇਨ੍ਹਾਂ ਸਾਰੀਆਂ ਗੱਲਾਂ ਦਾ ਨੋਟਿਸ ਲੈਂਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੰਵਿਧਾਨ ਦੀ ਧਾਰਾ 235 ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਦੀਆਂ ਧਾਰਾਵਾਂ ਦੇ ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਸਟਿਸ ਸੰਧਾਵਾਲੀਆ ਨੇ ਰਾਜੀਵ ਗਰਗ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਪਹਿਲਾਂ ਇਸ ਮਾਮਲੇ ਸਬੰਧੀ ਕਾਰਵਾਈ ਅੰਦਰੂਨੀ ਚੌਕਸੀ ਵਿਭਾਗ ਨੂੰ ਸੌਂਪੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਇਹ ਮਾਮਲਾ ਜੱਜਾਂ ਸਾਹਮਣੇ ਪੇਸ਼ ਕੀਤਾ ਅਤੇ ਸੁਝਾਅ ਦਿੱਤੇ। ਪੂਰੇ ਮਾਮਲੇ ‘ਤੇ ਵਿਚਾਰ ਕਰਨ ਤੋਂ ਬਾਅਦ ਹਾਈਕੋਰਟ ਦੇ ਸਾਰੇ ਜੱਜਾਂ ਨੇ ਫ਼ੈਸਲਾ ਲਿਆ ਅਤੇ ਜੱਜ ਰਾਜੀਵ ਗਰਗ ਨੂੰ ਮੁਅੱਤਲ ਕਰ ਦਿੱਤਾ।