ਜਲੰਧਰ : ਜ਼ਿਲ੍ਹਾ ਮੈਜਿਸਟਰੇਟ ਡਾ: ਹਿਮਾਂਸ਼ੂ ਅਗਰਵਾਲ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ (B.N.N.S.) 2023 ਦੀ ਧਾਰਾ 163 ਤਹਿਤ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੁਤੰਤਰ ਅਤੇ ਨਿਰਪੱਖ ਵੋਟਿੰਗ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ 13 ਅਕਤੂਬਰ ਤੋਂ 15 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਜਲੰਧਰ ਦੇ ਅਧਿਕਾਰ ਖੇਤਰ ਵਿੱਚ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਹੁਕਮਾਂ ਵਿੱਚ ਕਿਹਾ ਕਿ ਘਰ-ਘਰ ਜਾ ਕੇ ਮੁਹਿੰਮ ਤਹਿਤ 48 ਘੰਟਿਆਂ ਦੌਰਾਨ ਸਿਰਫ਼ 4 ਵਿਅਕਤੀਆਂ ਦੇ ਗਰੁੱਪ ਨਾਲ ਘਰ-ਘਰ ਜਾਣ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ, ਅਧਿਕਾਰੀ ਜਾਂ ਪਾਰਟੀ ਵਰਕਰ, ਜੋ ਸਬੰਧਤ ਹਲਕਿਆਂ ਦੇ ਰਜਿਸਟਰਡ ਵੋਟਰ ਨਹੀਂ ਹਨ, ਨੂੰ 13 ਅਕਤੂਬਰ ਨੂੰ ਸ਼ਾਮ 4 ਵਜੇ ਤੋਂ 15 ਅਕਤੂਬਰ ਨੂੰ ਵੋਟਿੰਗ ਖ਼ਤਮ ਹੋਣ ਤੱਕ ਹਲਕੇ ਖਾਲੀ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਕੋਈ ਵੀ ਸਿਆਸੀ ਪਾਰਟੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਨਹੀਂ ਕਰੇਗੀ।

ਜ਼ਿਲ੍ਹਾ ਮੈਜਿਸਟਰੇਟ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉੱਥੇ 15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਸਥਿਤ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਸ਼ਰਾਬ ਦਾ ਸਟਾਕ ਕਰੇਗਾ।

Leave a Reply