ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੀਤੇ ਦਿਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੀਆਂ ਬੱਸਾਂ ਖਰੀਦਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਪਨਬੱਸ ਵਿੱਚ 606 ਨਵੀਆਂ ਬੱਸਾਂ ਅਤੇ ਪੀ.ਆਰ.ਟੀ.ਸੀ. ਵਿੱਚ 656 ਨਵੀਆਂ ਬੱਸਾਂ ਜੋੜੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਮਿੰਨੀ ਬੱਸਾਂ ਵੀ ਖਰੀਦੀਆਂ ਜਾਣਗੀਆਂ ਤਾਂ ਜੋ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ।
ਬੀਤੇ ਦਿਨ ਇੱਥੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਨਵੀਆਂ ਬੱਸਾਂ ਖਰੀਦਣ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਪ੍ਰਦਾਨ ਕਰਨ ਲਈ ਕੀਤੇ ਗਏ ਯਤਨਾਂ ਸਦਕਾ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ। ਨਤੀਜੇ ਵਜੋਂ, ਪ੍ਰਤੀ ਕਿਲੋਮੀਟਰ ਸਰਕਾਰੀ ਬੱਸਾਂ ਦੀ ਆਮਦਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੁਰਾਣੀਆਂ ਬੱਸਾਂ ਦੇ ਖਰਾਬ ਹੋਣ ਤੋਂ ਪਹਿਲਾਂ ਨਵੀਆਂ ਬੱਸਾਂ ਖਰੀਦਣ ਦੀ ਪ੍ਰਕਿ ਰਿਆ ਪੂਰੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
The post ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਤੇ PRTC ਦੇ ਅਧਿਕਾਰੀਆਂ ਨੂੰ ਸੂਬੇ ‘ਚ ਨਵੀਆਂ ਬੱਸਾਂ ਖਰੀਦਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ appeared first on TimeTv.
Leave a Reply