ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ‘ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ (Punjab Government) ਵੱਲੋਂ ਕੋਈ ਨਵਾਂ ਟੈਕਸ ਨਾ ਲਾਏ ਜਾਣ ਨਾਲ 2024-25 ਵਿੱਚ ਕੁੱਲ 1,03,936 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਇਸ ਦਾ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਨੂੰ ਕੇਂਦਰੀ ਟੈਕਸਾਂ ਵਿੱਚੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ 11,748 ਕਰੋੜ ਰੁਪਏ ਸਹਾਇਤਾ ਵਜੋਂ ਮਿਲਣਗੇ।

ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਲਈ ਵੱਡਾ ਐਲਾਨ
ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰੀ ਟਰਾਂਸਪੋਰਟ ਨੂੰ ਬਿਹਤਰ ਬਣਾਉਣ ਲਈ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨਾਲ ਤਾਲਮੇਲ ਕਰਕੇ ਜਲਦੀ ਹੀ ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਵਿੱਚ ਈ-ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਕਦਮ ਨਾਲ ਪ੍ਰਦੂਸ਼ਣ ਵੀ ਘੱਟ ਹੋਵੇਗਾ।

40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ
ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿੱਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

Leave a Reply