ਨਵੀਂ ਦਿੱਲੀ: ਦਿੱਲੀ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate) ਦੁਆਰਾ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ (The Supreme Court) ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ 12 ਜੁਲਾਈ ਨੂੰ ਸੂਚੀ ਅਨੁਸਾਰ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਫ਼ੈਸਲਾ ਸੁਣਾਏਗੀ।
ਬੈਂਚ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿੱਚ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਈ.ਡੀ ਤੋਂ ਜਵਾਬ ਮੰਗਿਆ ਸੀ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਨੇ ਦਿੱਲੀ ਹਾਈ ਕੋਰਟ ਦੇ 9 ਅਪ੍ਰੈਲ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਦਿੱਲੀ ਹਾਈ ਕੋਰਟ ਨੇ ਕੇਸ ਵਿੱਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਇਸ ਵਿੱਚ ਕੋਈ ਗੈਰ-ਕਾਨੂੰਨੀ ਨਹੀਂ ਹੈ ਅਤੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਵਾਰ-ਵਾਰ ਇਨਕਾਰ ਕਰਨ ਤੋਂ ਬਾਅਦ ਈ.ਡੀ ਕੋਲ ਕੋਈ ਵਿਕਲਪ ਨਹੀਂ ਬਚਿਆ ਸੀ।
ਮੁੱਖ ਮੰਤਰੀ ਨੂੰ ਈ.ਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਹੇਠਲੀ ਅਦਾਲਤ ਨੇ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ 20 ਜੂਨ ਨੂੰ ਜ਼ਮਾਨਤ ਦਿੱਤੀ ਸੀ। ਹਾਲਾਂਕਿ, ਈ.ਡੀ ਨੇ ਅਗਲੇ ਦਿਨ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ, ਇਹ ਦਲੀਲ ਦਿੰਦੇ ਹੋਏ ਕਿ ਹੇਠਲੀ ਅਦਾਲਤ ਦਾ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਹੁਕਮ ਇਕਪਾਸੜ ਅਤੇ ਗਲਤ ਸੀ। ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ 26 ਜੂਨ ਨੂੰ ਸੀ.ਬੀ.ਆਈ. ਨੇ ਵੀ ਗ੍ਰਿਫ਼ਤਾਰ ਕੀਤਾ ਸੀ।