CM ਮਾਨ ਨੇ ਕਿਸਾਨਾਂ ਲਈ ਲਿਆ ਵੱਡਾ ਫ਼ੈਸਲਾ
By admin / July 24, 2024 / No Comments / Punjabi News
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਸੀ.ਐੱਮ ਮਾਨ ਨੇ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ (Modern Agricultural Machinery) ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਯੋਜਨਾ (Sub-mission on Agricultural Mechanization Scheme) ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ‘ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ , ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐੱਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐੱਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਦੀ ਜ਼ਿਆਦਾ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।