November 5, 2024

CM ਹੇਮੰਤ ਸੋਰੇਨ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਰਾਂਚੀ: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਅਤੇ ਉਨ੍ਹਾਂ ਦੀ ਪਤਨੀ ਕਲਪਨਾ ਸੋਰੇਨ (Wife Kalpana Soren) ਨੇ ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜੇਲ੍ਹ ਵਿੱਚ ਹਨ। ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੱਲਬਾਤ ਸੁਹਿਰਦ ਰਹੀ ਅਤੇ ਵਿਰੋਧੀ ਨੇਤਾਵਾਂ ਵਿਰੁੱਧ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਮੁੱਦੇ ‘ਤੇ ਚਰਚਾ ਕੀਤੀ ਗਈ।

ਸੰਜੇ ਸਿੰਘ ਨੇ ਦੋਸ਼ ਲਾਇਆ, ‘ਉਹ (ਹੇਮੰਤ ਸੋਰੇਨ) ਅਤੇ ਕੇਜਰੀਵਾਲ ਦੋਵੇਂ ਭਾਜਪਾ ਦੀ ਬਦਨੀਤੀ, ਬਦਲਾਖੋਰੀ ਦੀ ਰਾਜਨੀਤੀ ਅਤੇ ਵਿਰੋਧੀ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਦਾ ਸ਼ਿਕਾਰ ਹਨ।’ ਸਿੰਘ ਨੇ ਕਿਹਾ ਕਿ ਝਾਰਖੰਡ ਦੇ ਮੁੱਖ ਮੰਤਰੀ ਨੇ ‘ਅੱਤਿਆਚਾਰ’ ਵਿਰੁੱਧ ਲੜਾਈ ‘ਚ ਕੇਜਰੀਵਾਲ, ਉਨ੍ਹਾਂ ਦੇ ਪਰਿਵਾਰ ਅਤੇ ‘ਆਪ’ ਨੂੰ ਪੂਰਾ ਸਮਰਥਨ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਨੇ ‘ਐਕਸ’ ‘ਤੇ ਇਸ ਮੁਲਾਕਾਤ ਦਾ ਵੀਡੀਓ ਪੋਸਟ ਕੀਤਾ ਹੈ ਅਤੇ ਇਸ ‘ਤੇ ਕੈਪਸ਼ਨ ਦਿੱਤਾ ਹੈ, ‘ਭਾਰਤ ਤਾਨਾਸ਼ਾਹੀ ਵਿਰੁੱਧ ਇਕਜੁੱਟ ਹੈ।’ ਇਸ ਤੋਂ ਪਹਿਲਾਂ ਦਿਨ ‘ਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਨੂੰ ਸ਼ਿਸ਼ਟਾਚਾਰ ਵਾਲੀ ਮੁਲਾਕਾਤ ਕਿਹਾ ਸੀ।

ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.) ਦੇ ਕਾਰਜਕਾਰੀ ਪ੍ਰਧਾਨ ਸੋਰੇਨ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 31 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਰੀਬ ਪੰਜ ਮਹੀਨੇ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਅਤੇ 4 ਜੁਲਾਈ ਨੂੰ ਉਨ੍ਹਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ।

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਪਰ ਉਹ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉਨ੍ਹਾਂ ਨੂੰ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

By admin

Related Post

Leave a Reply