CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਕੋਈ ਅੰਤਰਿਮ ਰਾਹਤ
By admin / April 15, 2024 / No Comments / Punjabi News
ਨਵੀਂ ਦਿੱਲੀ : ਦਿੱਲੀ ਦੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਸੁਪਰੀਮ ਕੋਰਟ ਤੋਂ ਕੋਈ ਅੰਤਰਿਮ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਅੱਜ ਛੇਤੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਰਫੋਂ ਅਦਾਲਤ ‘ਚ ਪੇਸ਼ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਚੋਣਾਂ ਦਾ ਹਵਾਲਾ ਦਿੰਦੇ ਹੋਏ ਸ਼ੁੱਕਰਵਾਰ ਨੂੰ ਸੁਣਵਾਈ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਕਿਹਾ ਕਿ ਇਸ ‘ਤੇ ਇੰਨੀ ਜਲਦੀ ਸੁਣਵਾਈ ਸੰਭਵ ਨਹੀਂ ਹੈ। ਨਾਲ ਹੀ ਅਦਾਲਤ ਨੇ ਈ.ਡੀ ਨੂੰ 24 ਅਪ੍ਰੈਲ ਤੱਕ ਜਵਾਬ ਦੇਣ ਲਈ ਕਿਹਾ ਹੈ। ਕੇਂਦਰੀ ਜਾਂਚ ਏਜੰਸੀ ਦੇ ਜਵਾਬ ‘ਤੇ ਕੇਜਰੀਵਾਲ 27 ਅਪ੍ਰੈਲ ਤੱਕ ਆਪਣਾ ਜਵਾਬ ਦਾਇਰ ਕਰਨਗੇ।
ਦਰਅਸਲ, ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਅਤੇ ਹਿਰਾਸਤ ਵਿੱਚ ਰੱਖਣ ਦੇ ਈ.ਡੀ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ ਸੀ। ਇਸ ਦੇ ਖ਼ਿਲਾਫ਼ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਈ.ਡੀ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਬੇਨਿਯਮੀਆਂ ਹੋਈਆਂ ਸਨ।