CM ਨਾਇਬ ਸੈਣੀ ਨੇ DGP ਨੂੰ ਦਿੱਤੇ ਇਹ ਸਖ਼ਤ ਨਿਰਦੇਸ਼
By admin / July 11, 2024 / No Comments / Punjabi News
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਨੇ ਡੀ.ਜੀ.ਪੀ. ਨੂੰ ਅਪਰਾਧੀਆਂ (The criminals) ‘ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਬੀਤੇ ਦਿਨ ਹੋਈ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਫਿਰੌਤੀ ਸਮੇਤ ਹੋਰ ਅਪਰਾਧਿਕ ਘਟਨਾਵਾਂ ‘ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਉਨ੍ਹਾਂ ਕਿਹਾ ਕਿ ਫੀਲਡ ‘ਚ ਪੁਲਿਸ ਦੀ ਮੌਜੂਦਗੀ ਅਜਿਹੀ ਹੋਣੀ ਚਾਹੀਦੀ ਹੈ ਕਿ ਇਸ ਨਾਲ ਅਪਰਾਧੀਆਂ ‘ਚ ਡਰ ਪੈਦਾ ਹੋਵੇ ਅਤੇ ਉਹ ਡਰ ਦੇ ਮਾਰੇ ਬਾਹਰ ਨਾ ਨਿਕਲਣ ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਪੁਲਿਸ ਨੂੰ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਅਪਰਾਧ ਦੀਆਂ ਸਾਰੀਆਂ ਘਟਨਾਵਾਂ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਬਾਅਦ ਉਹ ਖ਼ੁਦ ਪੁਲਿਸ ਵਿਭਾਗ ਦੀ ਇੱਕ ਹੋਰ ਮੀਟਿੰਗ ਕਰਕੇ ਅਪਰਾਧ ਦਰ ਦਾ ਜਾਇਜ਼ਾ ਲੈਣਗੇ। ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਅਪਰਾਧ ਹੋਣ ਦੀ ਸੂਰਤ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਪੀੜਤਾਂ ਨੂੰ ਮਿਲਣ ਤਾਂ ਜੋ ਪੁਲਿਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਵਧੇ। ਨਾਲ ਹੀ ਆਮ ਲੋਕਾਂ ਵਿੱਚ ਪੁਲਿਸ ਦੇ ਅਕਸ ਨੂੰ ਹੋਰ ਸੁਧਾਰਨ ਲਈ ਛੋਟੀ ਤੋਂ ਛੋਟੀ ਸੂਚਨਾ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਨਸ਼ੇ ਦੇ ਸੌਦਾਗਰਾਂ ਦੀ ਜਾਇਦਾਦ ਜ਼ਬਤ ਕਰਨ ਦਾ ਕੰਮ ਤੇਜ਼ ਕੀਤਾ ਜਾਵੇ। ਪੁਲਿਸ ਡਾਇਰੈਕਟਰ ਜਨਰਲ ਨੂੰ ਹਦਾਇਤਾਂ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਮੇਤ ਆਮ ਨਾਗਰਿਕਾਂ ਨੂੰ ਭਾਰਤੀ ਨਿਆਂ ਸੰਹਿਤਾ ਤਹਿਤ ਲਾਗੂ ਕੀਤੇ ਗਏ ਤਿੰਨ ਨਵੇਂ ਕਾਨੂੰਨਾਂ ਬਾਰੇ ਜਾਣਕਾਰੀ ਦੇਣ ਲਈ ਕਾਲਜਾਂ ਦੇ ਨਾਲ-ਨਾਲ ਸਿਵਲ ਸੁਸਾਇਟੀ ਲਈ ਸੈਮੀਨਾਰ ਕਰਵਾਏ ਜਾਣ।