ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ (Sikander Singh Maluka) ਦੀ ਨੂੰਹ ਅਤੇ ਪੰਜਾਬ ਕੇਡਰ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਪਰਮਪਾਲ ਕੌਰ ਸਿੱਧੂ (Parampal Kaur Sidhu) ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਦਰਮਿਆਨ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ 2011 ਬੈਚ ਦੇ ਆਈ.ਏ.ਐਸ ਅਧਿਕਾਰੀ ਸਨ। ਉਹ ਇਸ ਸਾਲ ਅਕਤੂਬਰ ‘ਚ ਰਿਟਾਇਰ ਹੋਣ ਵਾਲੀ ਸੀ।
ਕਿਆਸ ਲਗਾਏ ਜਾ ਰਹੇ ਹਨ ਕਿ ਪਰਮਪਾਲ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ। ਮਲੂਕਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਅਤੇ ਅਕਾਲੀ ਸਰਕਾਰ ਵਿੱਚ ਸਿੱਖਿਆ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਸਿੱਧੂ ਪੰਜਾਬ ਰਾਜ ਉਦਯੋਗਿਕ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸਨ। ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਬਠਿੰਡਾ ਸੀਟ ਤੋਂ ਸੰਸਦ ਮੈਂਬਰ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।