ਨਵੀਂ ਦਿੱਲੀ: ਦਿੱਲੀ ਐਨ.ਸੀ.ਆਰ. (Delhi NCR) ਵਿੱਚ 1 ਅਗਸਤ ਤੋਂ ਮੌਸਮ ਸੁਹਾਵਣਾ ਹੈ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਬੀਤੇ ਦਿਨ ਦਿੱਲੀ, ਗਾਜ਼ੀਆਬਾਦ ਅਤੇ ਨੋਇਡਾ ‘ਚ ਹਲਕਾ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਦਿੱਲੀ ਐਨ.ਸੀ.ਆਰ. ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਕਿਹੜੇ-ਕਿਹੜੇ ਸੂਬਿਆਂ ‘ਚ ਪਵੇਗਾ ਮੀਂਹ?
ਆਈ.ਐਮ.ਡੀ. ਨੇ ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਗੋਆ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੋਮਵਾਰ ਨੂੰ ਇਹਨਾਂ ਰਾਜਾਂ ਵਿੱਚ ਭਾਰੀ ਮੀਂਹ ਪਵੇਗਾ । ਇਸ ਤੋਂ ਇਲਾਵਾ ਹਰਿਆਣਾ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ, ਰਾਇਲਸੀਮਾ ਅਤੇ ਕਰਨਾਟਕ ਵਿੱਚ ਕੁਝ ਥਾਵਾਂ ‘ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਦੂਜੇ ਰਾਜਾਂ ਦੀ ਸਥਿਤੀ
ਕੇਰਲ, ਲੇਹ, ਉੱਤਰ ਪ੍ਰਦੇਸ਼, ਉੜੀਸਾ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਰਾਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਬੱਦਲ ਫਟਣ ਨਾਲ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਤਬਾਹੀ ਹੋਈ ਹੈ। ਹਿਮਾਚਲ ਪ੍ਰਦੇਸ਼ ਵਿੱਚ 45 ਲੋਕ ਲਾਪਤਾ ਹਨ ਅਤੇ ਉੱਤਰਾਖੰਡ ਵਿੱਚ 150 ਸ਼ਰਧਾਲੂਆਂ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਦੋਵਾਂ ਰਾਜਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 19 ਤੋਂ ਵੱਧ ਹੈ। NDRF ਅਤੇ SDRF ਦੀਆਂ ਟੀਮਾਂ ਬਚਾਅ ਕੰਮ ‘ਚ ਲੱਗੀਆਂ ਹੋਈਆਂ ਹਨ। ਕੇਦਾਰਨਾਥ ਮਾਰਗ ‘ਤੇ ਫਸੇ ਸ਼ਰਧਾਲੂਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਜਾ ਰਿਹਾ ਹੈ। ਆਈ.ਐਮ.ਡੀ. ਮੁਤਾਬਕ ਇਨ੍ਹਾਂ ਦੋਵਾਂ ਰਾਜਾਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।