SGPC ਨੇ ਫਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕੀਤੇ ਜਾਣ ਦਾ ਸਖ਼ਤ ਲਿਆ ਨੋਟਿਸ
By admin / July 10, 2024 / No Comments / Punjabi News
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਫਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ, ਜਿਸ ‘ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਚੰਡੀਗੜ੍ਹ ਨੇੜੇ ਘੜੂੰਆਂ ਵਿੱਚ ਫਿਲਮ ਸੀਰੀਅਲ ਦੀ ਸ਼ੂਟਿੰਗ ਲਈ ਬਣਾਏ ਗਏ ਸੈੱਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਦਿਆਂ ਆਨੰਦ ਕਾਰਜ ਦਾ ਦ੍ਰਿਸ਼ ਦਿਖਾਇਆ ਗਿਆ ਹੈ, ਜੋ ਕਿ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਦੀ ਘੋਰ ਉਲੰਘਣਾ ਹੈ। ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਫਿਲਮਾਂ ਦੀ ਸ਼ੂਟਿੰਗ ਦੌਰਾਨ ਇਸ ਗੱਲ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ ਕਿ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਵੇ। ਅਫ਼ਸੋਸ ਦੀ ਗੱਲ ਹੈ ਕਿ ਕੁਝ ਲੋਕ ਸਿਰਫ਼ ਪੈਸਾ ਕਮਾਉਣ ਲਈ ਵਪਾਰਕ ਹਿੱਤਾਂ ਤਹਿਤ ਧਰਮ ਦੀਆਂ ਪਰੰਪਰਾਵਾਂ ਦੀ ਉਲੰਘਣਾ ਕਰਦੇ ਹਨ। ਪ੍ਰਧਾਨ ਨੇ ਅਜਿਹੇ ਲੋਕਾਂ ਨੂੰ ਸੁਧਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਰਿਪੋਰਟ ਲਈ ਜਾਵੇਗੀ ਤਾਂ ਜੋ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।