ਲੁਧਿਆਣਾ: ਐਸ.ਟੀ.ਐਫ. ਦੀ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ (Two Drug Smugglers) ਨੂੰ 2.5 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਟੀ.ਐਫ ਦੇ ਸਬ-ਇੰਸਪੈਕਟਰ ਮੱਖਣ ਰਾਮ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਦੋ ਵਿਅਕਤੀ ਕਾਰ ‘ਚ ਹੈਰੋਇਨ ਦੀ ਖੇਪ ਲੈ ਕੇ ਮੋਤੀ ਨਗਰ ਇਲਾਕੇ ਵੱਲ ਆ ਰਹੇ ਹਨ।
ਇਸ ‘ਤੇ ਐਸ.ਟੀ.ਐਫ. ਨੇ ਤੁਰੰਤ ਕਾਰਵਾਈ ਕਰਦੇ ਹੋਏ ਵਰਧਮਾਨ ਚੌਕ ਵੱਲ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਇੱਕ ਚਿੱਟੇ ਰੰਗ ਦੀ ਕਾਰ ਆਉਂਦੀ ਦਿਖਾਈ ਦਿੱਤੀ। ਪੁਲਿਸ ਟੀਮ ਨੇ ਉਕਤ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ‘ਚੋਂ 515 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 2.5 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਪੁਲਿਸ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਪਛਾਣ ਪਲਵਿੰਦਰ ਸਿੰਘ ਪੱਪੂ (30) ਪੁੱਤਰ ਖਾਨ ਸਿੰਘ ਵਾਸੀ ਪਿੰਡ ਅੱਕੂਵਾਲ ਸਿੱਧਵਾਂ ਬੇਟ ਅਤੇ ਸੰਦੀਪ ਸਿੰਘ ਸੋਨੂੰ (22) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਖੁਰਸੈਦਪੁਰ ਸਿੱਧਵਾਂ ਬੇਟ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਸ.ਟੀ.ਐਫ. ਮੁਹਾਲੀ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇੱਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਹੈ ਕੇਸ ਦਰਜ
ਐੱਸ.ਆਈ. ਮੱਖਣ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਮਿਲ ਕੇ ਨਸ਼ਾ ਵੇਚਣ ਦਾ ਕੰਮ ਕਰ ਰਹੇ ਹਨ। ਮੁਲਜ਼ਮ ਪਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਮੁਲਜ਼ਮ ਖ਼ੁਦ ਨਸ਼ੇ ਦਾ ਆਦੀ ਹੈ, ਜਦਕਿ ਦੂਜਾ ਮੁਲਜ਼ਮ ਸੰਦੀਪ ਸਿੰਘ ਪਲਵਿੰਦਰ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦਾ ਹੈ ਅਤੇ ਮੁਨਾਫ਼ਾ ਆਪਸ ਵਿੱਚ ਵੰਡਦਾ ਹੈ। ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਤਾਂ ਜੋ ਉਨ੍ਹਾਂ ਦੇ ਗਾਹਕਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ।