ਲੁਧਿਆਣਾ: ਜ਼ਿਲ੍ਹੇ ਦੇ ਜਗਰਾਉਂ ਵਿੱਚ ਪੁਲਿਸ ਨੇ ਨਕਲੀ ਨੋਟ ਛਾਪਣ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਿਛਲੇ 7 ਮਹੀਨਿਆਂ ਤੋਂ ਫ਼ਰਾਰ ਸੀ ਅਤੇ ਅੱਜ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਉਸ ਨੂੰ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਹਰਭਗਵਾਨ ਸਿੰਘ ਉਰਫ ਮਿਥੁਨ ਵਾਸੀ ਪਿੰਡ ਬਘੇਲੇਵਾਲਾ ਮੋਗਾ ਵਜੋਂ ਹੋਈ ਹੈ।

ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਸੱਤ ਮਹੀਨੇ ਪਹਿਲਾਂ ਪੁਲਿਸ ਨੇ ਜਾਅਲੀ ਕਰੰਸੀ ਨੋਟ ਛਾਪ ਕੇ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਸੀ।

ਜਦੋਂ ਮੁਲਜ਼ਮ ਆਪਣੇ ਸਾਥੀ ਦੇ ਕਹਿਣ ’ਤੇ ਪਿੰਡ ਚੌਕੀਮਾਨ ਦੇ ਬੱਸ ਸਟੈਂਡ ’ਤੇ ਜਾਅਲੀ ਨੋਟ ਸਪਲਾਈ ਕਰਨ ਆਇਆ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਇਸ ਮਾਮਲੇ ਦੇ ਮਾਸਟਰਮਾਈਂਡ ਅਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਸੀ। ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ ਬੰਗਾਲੀ ਵਾਸੀ ਪਿੰਡ ਲੰਡੇ ਅਤੇ ਹਰਭਗਵਾਨ ਸਿੰਘ ਉਰਫ ਮਿਥੁਨ ਵਾਸੀ ਪਿੰਡ ਬਘੇਲੇਵਾਲਾ ਮੋਗਾ ਵਜੋਂ ਹੋਈ ਹੈ।

ਪੁਲਿਸ ਨੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5800 ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਫਿਲਹਾਲ ਮਾਸਟਰਮਾਈਂਡ ਮੁਲਜ਼ਮ ਹਰਭਗਵਾਨ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਸ ਨੂੰ ਵੀ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁੱਛਗਿੱਛ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Leave a Reply