ਨਵੀਂ ਦਿੱਲੀ : ਅੱਜ ਦਿੱਲੀ ਹਾਈ ਕੋਰਟ (Delhi High Court) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੀ.ਐਮ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ।
ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਗ੍ਰਿਫ਼ਤਾਰੀ ਨੂੰ ਜਾਇਜ਼ ਮੰਨਿਆ। ਅਦਾਲਤ ਨੇ ਕਿਹਾ ਕਿ ਇਹ ਜ਼ਮਾਨਤ ਦਾ ਮਾਮਲਾ ਨਹੀਂ ਹੈ। ਗ੍ਰਿਫ਼ਤਾਰ ਕਰਨ ਦੀ ਚੁਣੌਤੀ ਹੈ। ਨਾਲ ਹੀ ਹਾਈਕੋਰਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਈ.ਡੀ ਦੇ ਰਿਮਾਂਡ ਨੂੰ ਗੈਰ-ਕਾਨੂੰਨੀ ਨਹੀਂ ਕਿਹਾ ਜਾ ਸਕਦਾ।
ਅਦਾਲਤ ਨੇ ਕਿਹਾ ਕਿ ਈ.ਡੀ ਦੀ ਦਲੀਲ ਹੈ ਕਿ ਹੁਣ ਤੱਕ ਦੇ ਸਬੂਤ ਇਹ ਦੱਸਦੇ ਹਨ ਕਿ ਕੇਜਰੀਵਾਲ ਕਨਵੀਨਰ ਹਨ, ਗੋਆ ਚੋਣਾਂ ਵਿੱਚ 45 ਕਰੋੜ ਰੁਪਏ ਖਰਚ ਕੀਤੇ ਗਏ। ਕੇਜਰੀਵਾਲ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ ਅਤੇ ਸ਼ਰਤ ਰੈਡੀ ਅਤੇ ਰਾਘਵ ਮੁੰਗਟਾ ਦੇ ਬਿਆਨਾਂ ਦਾ ਹਵਾਲਾ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰੀ ਗਵਾਹ ਬਣਨ ਦਾ ਫ਼ੈਸਲਾ ਅਦਾਲਤ ਨੇ ਲਿਆ ਹੈ ਨਾ ਕਿ ਜਾਂਚ ਏਜੰਸੀ ਨੇ। ਜੇਕਰ ਸਵਾਲ ਉੱਠਦਾ ਹੈ ਤਾਂ ਸਵਾਲ ਮੈਜਿਸਟ੍ਰੇਟ ‘ਤੇ ਹੈ। ਹਾਈਕੋਰਟ ਨੇ ਕਿਹਾ ਕਿ ਦੋਸ਼ੀ ਦੇ ਹਿਸਾਬ ਨਾਲ ਜਾਂਚ ਨਹੀਂ ਕੀਤੀ ਜਾ ਸਕਦੀ। ਅਦਾਲਤ ਦਾ ਰਾਜਨੀਤੀ ਨਾਲ ਕੋਈ ਸਰੋਕਾਰ ਨਹੀਂ ਹੈ। ਮੁੱਖ ਮੰਤਰੀ ਲਈ ਕੋਈ ਵਿਸ਼ੇਸ਼ ਅਧਿਕਾਰ ਨਹੀਂ ਹੈ।
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਟੀਸ਼ਨ ‘ਚ ਏਜੰਸੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਸਮੇਂ ‘ਤੇ ਸਵਾਲ ਉਠਾਏ ਸਨ। ਨਾਲ ਹੀ ਕਿਹਾ ਕਿ ਇਹ ਲੋਕਤੰਤਰ, ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਮੂਲ ਢਾਂਚੇ ਦੀ ਉਲੰਘਣਾ ਹੈ।
ਈ.ਡੀ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕੀਤਾ। ਕੇਂਦਰੀ ਏਜੰਸੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਚੋਣਾਂ ਦੇ ਆਧਾਰ ‘ਤੇ ਗ੍ਰਿਫ਼ਤਾਰੀ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਕਾਨੂੰਨ ਉਸ ‘ਤੇ ਅਤੇ ਕਿਸੇ ਵੀ ਆਮ ਨਾਗਰਿਕ ‘ਤੇ ਬਰਾਬਰ ਲਾਗੂ ਹੁੰਦਾ ਹੈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਈ.ਡੀ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈ.ਡੀ ਨੇ ਉਨ੍ਹਾਂ ਨੂੰ 22 ਮਾਰਚ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 1 ਅਪ੍ਰੈਲ ਤੱਕ ਈ.ਡੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ 1 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਇਸ ਸਮੇਂ ਮੁੱਖ ਮੰਤਰੀ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹਨ।