ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਚੌਥੇ ਸੰਮਨ ‘ਤੇ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣਾ ਜਵਾਬ ਈਡੀ ਨੂੰ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਈਡੀ ਦਾ ਉਦੇਸ਼ ਉਸ ਨੂੰ ਗ੍ਰਿਫ਼ਤਾਰ ਕਰਨਾ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਈਡੀ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ।
ਅਸੀਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ
‘ਆਪ’ ਨੇ ਕਿਹਾ, ‘ਈਡੀ ਨੇ ਲਿਖਿਆ ਹੈ ਕਿ ਕੇਜਰੀਵਾਲ ਦੋਸ਼ੀ ਨਹੀਂ ਹਨ, ਫਿਰ ਸੰਮਨ ਅਤੇ ਗ੍ਰਿਫਤਾਰੀ ਕਿਉਂ? ਭਾਜਪਾ ਵਿਚ ਸ਼ਾਮਲ ਹੋਣ ਵਾਲੇ ਭ੍ਰਿਸ਼ਟ ਨੇਤਾਵਾਂ ਦੇ ਕੇਸ ਬੰਦ ਹੋ ਗਏ ਹਨ। ਅਸੀਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ। ਸਾਡਾ ਕੋਈ ਵੀ ਨੇਤਾ ਭਾਜਪਾ ‘ਚ ਸ਼ਾਮਲ ਨਹੀਂ ਹੋਵੇਗਾ।” ਈਡੀ ਨੇ ਪਿਛਲੇ ਸਾਲ 2 ਨਵੰਬਰ ਅਤੇ 21 ਦਸੰਬਰ ਅਤੇ ਇਸ ਸਾਲ 3 ਜਨਵਰੀ ਨੂੰ ਕੇਜਰੀਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਤਿੰਨੋਂ ਵਾਰ ਕੇਜਰੀਵਾਲ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਹਿਲਾਂ ਹੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਜਾਂਚ ਏਜੰਸੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਸ਼ਿਕੰਜਾ ਕੱਸ ਸਕਦੀ ਹੈ।